ਖੇੜੀ ਵਾਲੇ ਬਾਬਾ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ, ਪਹਿਲੀ ਪਤਨੀ ਦੀ ਸ਼ਿਕਾਇਤ ਮਗਰੋਂ ਗ੍ਰਿਫ਼ਤਾਰੀ ਦੀ ਸੰਭਾਵਨਾ

ਸੰਗਰੂਰ : ਸੋਸ਼ਲ ਮੀਡੀਆ 'ਤੇ "ਖੇੜੀ ਵਾਲੇ ਬਾਬਾ" ਦੇ ਨਾਂ ਨਾਲ ਜਾਣੇ ਜਾਂਦੇ ਗੁਰਵਿੰਦਰ ਸਿੰਘ ਖ਼ਿਲਾਫ਼ ਉਨ੍ਹਾਂ ਦੀ ਪਹਿਲੀ ਪਤਨੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਗੁਰਵਿੰਦਰ ਸਿੰਘ ਦੀ ਮਾਤਾ ਗੁਰਮੀਤ ਕੌਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਅਨੁਸਾਰ ਗੁਰਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਪਹਿਲੀ ਪਤਨੀ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਦਾਜ਼ ਦੀ ਮੰਗ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਐਫ਼ਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਗੁਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਮਾਤਾ ਖ਼ਿਲਾਫ਼ ਦਰਜ ਦੋਸ਼ਾਂ ਦੀ ਜਾਂਚ ਜਾਰੀ ਹੈ ਅਤੇ ਕਿਸੇ ਵੀ ਵਿਅਕਤੀ ਦੀ ਦੋਸ਼ੀ ਹੋਣ ਜਾਂ ਨਾ ਹੋਣ ਬਾਰੇ ਅੰਤਿਮ ਫ਼ੈਸਲਾ ਅਦਾਲਤ ਵੱਲੋਂ ਹੀ ਕੀਤਾ ਜਾਵੇਗਾ।