ਵਿਦਿਆਰਥੀਆਂ ਅਤੇ ਕਿਸਾਨਾਂ ਦੀਆਂ ਮੰਗਾਂ ਗੱਲਬਾਤ ਰਾਹੀਂ ਸੁਲਝਾਏ ਕੇਂਦਰ: ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਵਿਦਿਆਰਥੀਆਂ ਅਤੇ ਕਿਸਾਨਾਂ ਨਾਲ ਸੰਵਾਦ ਰਾਹੀਂ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ ਅਤੇ ਬਲ ਦੀ ਵਰਤੋਂ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੋ ਸਕਦੀ।
ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਨੀਟ ਪੇਪਰ ਲੀਕ, ਸੀਬੀਐੱਸਈ ਦੀ ਔਨਸਕਰੀਨ ਮਾਰਕਿੰਗ ਪ੍ਰਣਾਲੀ ਅਤੇ ਜੇਈਈ ਮੇਨਜ਼ ਪ੍ਰੀਖਿਆ ਦੌਰਾਨ ਆਈਆਂ ਤਕਨੀਕੀ ਦਿੱਕਤਾਂ ਵਰਗੇ ਮੁੱਦਿਆਂ ਦਾ ਪੱਕਾ ਹੱਲ ਲੱਭਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਦੀ ਸਿੱਖਿਆ ਲਈ ਆਪਣੀ ਜ਼ਿੰਦਗੀ ਭਰ ਦੀ ਕਮਾਈ ਖਰਚ ਕਰਦੇ ਹਨ। ਜੇਕਰ ਪ੍ਰੀਖਿਆ ਪ੍ਰਣਾਲੀ ਵਿੱਚ ਹੀ ਵਾਰ-ਵਾਰ ਖਾਮੀਆਂ ਸਾਹਮਣੇ ਆਉਣ, ਤਾਂ ਇਸ ਨਾਲ ਵਿਦਿਆਰਥੀਆਂ ਦੇ ਭਵਿੱਖ ਅਤੇ ਮਾਪਿਆਂ ਦੇ ਭਰੋਸੇ ਨੂੰ ਵੱਡਾ ਝਟਕਾ ਲੱਗਦਾ ਹੈ।
ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਸਾਰੇ ਪੱਖਾਂ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਅਤੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਜਲਦੀ ਅਤੇ ਟਿਕਾਊ ਹੱਲ ਕੱਢਿਆ ਜਾ ਸਕੇ।