ਪੰਜਾਬ ਵਿੱਚ ਪੇਪਰ ਲੀਕ ਮਾਮਲੇ 'ਤੇ ਰਾਜਾ ਵੜਿੰਗ ਦਾ ਸਰਕਾਰ 'ਤੇ ਹਮਲਾ, ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੋਂ ਮੰਗੀ ਜਵਾਬਦੇਹੀ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਕਾਰਨ ਲੱਖਾਂ ਨੌਜਵਾਨਾਂ ਦੇ ਭਵਿੱਖ 'ਤੇ ਅਸਰ ਪੈ ਰਿਹਾ ਹੈ ਅਤੇ ਸਰਕਾਰ ਨੂੰ ਇਸ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।
ਵੜਿੰਗ ਨੇ ਕਿਹਾ ਕਿ ਜਿਵੇਂ ਕੌਮੀ ਪੱਧਰ 'ਤੇ ਪ੍ਰੀਖਿਆਵਾਂ ਵਿੱਚ ਗੜਬੜ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇਸ ਮਾਮਲੇ ਵਿੱਚ ਜਵਾਬਦੇਹ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ।
ਕਾਂਗਰਸ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੇ ਪੁਰਾਣੇ ਬਿਆਨ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇਕਰ ਕਿਸੇ ਸੂਬੇ ਵਿੱਚ ਪੇਪਰ ਲੀਕ ਦੀ ਘਟਨਾ ਵਾਪਰਦੀ ਹੈ ਤਾਂ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।
ਵੜਿੰਗ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹਾਨਿਆਂ ਦੀ ਬਜਾਏ ਪਾਰਦਰਸ਼ਤਾ, ਸਖ਼ਤ ਕਾਰਵਾਈ ਅਤੇ ਜਵਾਬਦੇਹੀ ਦੀ ਉਮੀਦ ਕਰਦੇ ਹਨ। ਉਨ੍ਹਾਂ ਸਰਕਾਰ ਨੂੰ ਪੇਪਰ ਲੀਕ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ iਖ਼ਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।