ਹੁਸ਼ਿਆਰਪੁਰ ਵਿੱਚ ‘ਆਪ’ ਦੇ ਸਰਪੰਚ ਦੀ ਹੱਤਿਆ, ਰੰਜਿਸ਼ ਕਾਰਨ ਹਮਲੇ ਦਾ ਸ਼ੱਕ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਆਨੰਦਗੜ੍ਹ ਵਿੱਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਮੌਜੂਦਾ ਸਰਪੰਚ ਸਤਪਾਲ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਕੁਝ ਵਿਅਕਤੀ ਦੇਰ ਸ਼ਾਮ ਸਰਪੰਚ ਦੇ ਘਰ ਪਹੁੰਚੇ। ਦੋਸ਼ ਹੈ ਕਿ ਪਹਿਲਾਂ ਉਨ੍ਹਾਂ ਨੇ ਵਾਹਨ ਨਾਲ ਸਰਪੰਚ ਨੂੰ ਟੱਕਰ ਮਾਰੀ ਅਤੇ ਬਾਅਦ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਮੌਕੇ 'ਤੇ ਮੌਜੂਦ ਲੋਕਾਂ ਨੇ ਵਿਰੋਧ ਕੀਤਾ, ਜਿਸ ਦੌਰਾਨ ਇੱਕ ਸ਼ੱਕੀ ਨੂੰ ਕਾਬੂ ਕਰ ਲਿਆ ਗਿਆ, ਜਦਕਿ ਹੋਰ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਮ੍ਰਿਤਕ ਦੇ ਪੁੱਤਰ ਰਾਹੁਲ ਨੇ ਦੱਸਿਆ ਕਿ ਉਹ ਆਪਣੇ ਪਿਤਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲੈ ਕੇ ਜਾ ਰਿਹਾ ਸੀ, ਪਰ ਰਸਤੇ ਵਿੱਚ ਹਮਲਾਵਰਾਂ ਨੇ ਮੁੜ ਰਸਤਾ ਰੋਕਣ ਦੀ ਕੋਸ਼ਿਸ਼ ਕੀਤੀ। ਉਹ ਕਿਸੇ ਤਰ੍ਹਾਂ ਵਾਹਨ ਨੂੰ ਥਾਣਾ ਸਦਰ ਤੱਕ ਲੈ ਗਿਆ, ਪਰ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਸੀ।
ਪਰਿਵਾਰ ਦਾ ਦਾਅਵਾ ਹੈ ਕਿ ਕੁਝ ਦਿਨ ਪਹਿਲਾਂ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਾਰਨ ਇਹ ਰੰਜਿਸ਼ ਬਣੀ ਸੀ, ਜਿਸ ਦੇ ਚਲਦਿਆਂ ਇਹ ਹਮਲਾ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਕਾਬੂ ਕੀਤੇ ਗਏ ਸ਼ੱਕੀ ਤੋਂ ਪੁੱਛਗਿੱਛ ਜਾਰੀ ਹੈ।