ਭੁੱਖ ਹੜਤਾਲ ਖ਼ਤਮ ਕਰਨ ਲਈ ਸੋਨਮ ਵਾਂਗਚੁਕ ਨੇ ਰੱਖੀ ਸ਼ਰਤ, ਵਿਦਿਆਰਥੀਆਂ iਖ਼ਲਾਫ਼ ਕਾਰਵਾਈ ਨਾ ਕਰਨ ਦੀ ਮੰਗ

ਨਵੀਂ ਦਿੱਲੀ: ਪ੍ਰੀਖਿਆ ਸੁਧਾਰਾਂ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਕਿਹਾ ਹੈ ਕਿ ਜੇਕਰ ਸਰਕਾਰ ਇਹ ਭਰੋਸਾ ਦੇਵੇ ਕਿ ਅੰਦੋਲਨ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਨੌਜਵਾਨਾਂ iਖ਼ਲਾਫ਼ ਕੋਈ ਬਦਲੇ ਦੀ ਭਾਵਨਾ ਨਾਲ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ, ਤਾਂ ਉਹ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਲਈ ਤਿਆਰ ਹਨ।
ਭੁੱਖ ਹੜਤਾਲ ਦੇ 24ਵੇਂ ਦਿਨ ਵਾਂਗਚੁਕ ਨੇ ਇੱਕ ਪੱਤਰ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਸਭ ਤੋਂ ਵੱਡੀ ਤਰਜੀਹ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਦੀ ਸੁਰੱਖਿਆ ਅਤੇ ਭਵਿੱਖ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਸਪੱਸ਼ਟ ਭਰੋਸਾ ਮਿਲਣ 'ਤੇ ਉਹ ਆਪਣਾ ਅੰਦੋਲਨ ਸਮਾਪਤ ਕਰ ਸਕਦੇ ਹਨ।
ਵਾਂਗਚੁਕ ਨੇ ਦੱਸਿਆ ਕਿ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਜਿਤੇਂਦਰ ਸਿੰਘ ਨਾਲ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਪ੍ਰੀਖਿਆ ਸੁਧਾਰਾਂ ਨਾਲ ਜੁੜੇ ਮੁੱਦਿਆਂ 'ਤੇ ਸੰਸਦ ਵਿੱਚ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੇ ਅਨੁਸਾਰ, ਇਸ ਚਰਚਾ ਵਿੱਚ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਅਤੇ ਨੀਟ-ਯੂਜੀ ਪੇਪਰ ਲੀਕ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਮੁਆਵਜ਼ੇ ਦੇ ਮੁੱਦੇ 'ਤੇ ਵੀ ਵਿਚਾਰ ਹੋ ਸਕਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ 65 ਸੰਸਦ ਮੈਂਬਰਾਂ ਵੱਲੋਂ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੀਆਂ ਸ਼ਰਤਾਂ ਸਪੱਸ਼ਟ ਕਰ ਦਿੱਤੀਆਂ ਹਨ। ਵਾਂਗਚੁਕ ਨੇ ਕਿਹਾ ਕਿ ਜੇਕਰ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਠੋਸ ਕਦਮ ਚੁੱਕਣ ਦਾ ਭਰੋਸਾ ਦਿੰਦੀ ਹੈ, ਤਾਂ ਉਹ ਇਸ ਨੂੰ ਸਕਾਰਾਤਮਕ ਸੰਕੇਤ ਮੰਨਦੇ ਹੋਏ ਆਪਣੀ ਭੁੱਖ ਹੜਤਾਲ ਸਮਾਪਤ ਕਰ ਦੇਣਗੇ।