ਇਕਬਾਲ ਸਿੰਘ ਝੂੰਦਾ ਨੇ ਸਾਥੀਆਂ ਸਮੇਤ ‘ਵਾਰਿਸ ਪੰਜਾਬ’ ਨਾਲ ਮਿਲਾਇਆ ਹੱਥ, 2027 ਚੋਣਾਂ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਤਹਿਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਅਤੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਆਪਣੇ ਕਈ ਸਾਥੀਆਂ ਸਮੇਤ ਅਕਾਲੀ ਦਲ (ਵਾਰਿਸ ਪੰਜਾਬ) ਨਾਲ ਸਿਆਸੀ ਗੱਠਜੋੜ ਕਰਨ ਦਾ ਐਲਾਨ ਕੀਤਾ ਹੈ।
ਇਸ ਮੌਕੇ ਇਕਬਾਲ ਸਿੰਘ ਝੂੰਦਾ ਨੇ ਕਿਹਾ ਕਿ ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਪੰਥਕ ਧਿਰਾਂ ਦੀ ਏਕਤਾ ਸਮੇਂ ਦੀ ਲੋੜ ਹੈ। ਉਨ੍ਹਾਂ ਸਾਰੀਆਂ ਪੰਥਕ ਜਥੇਬੰਦੀਆਂ ਨੂੰ ਇੱਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।ਸਮਾਗਮ ਦੌਰਾਨ ਵਾਰਿਸ ਪੰਜਾਬ ਨਾਲ ਜੁੜੇ ਆਗੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਸਮੇਤ ਹੋਰ ਕਈ ਆਗੂ ਵੀ ਮੌਜੂਦ ਰਹੇ।ਝੂੰਦਾ ਅਤੇ ਉਮੈਦਪੁਰੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਪੰਥਕ ਲੀਡਰਸ਼ਿਪ ਦੀ ਕਮੀ ਕਾਰਨ ਕਈ ਅਹਿਮ ਮੁੱਦੇ ਪਿੱਛੇ ਰਹਿ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਹਟਾਏ ਜਾਣ ਤੋਂ ਬਾਅਦ ਵੀ ਰਿਹਾਅ ਨਾ ਕੀਤਾ ਜਾਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਦੇ ਸੈਸ਼ਨ ਵਿੱਚ ਸ਼ਮੂਲੀਅਤ ਅਤੇ ਆਪਣਾ ਪੱਖ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਵਾਰਿਸ ਪੰਜਾਬ ਦੇ ਆਗੂ ਤਰਸੇਮ ਸਿੰਘ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਮੁੱਦਿਆਂ ਨੂੰ ਲੈ ਕੇ ਵੱਖ-ਵੱਖ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਲਈ ਲਗਾਤਾਰ ਯਤਨ ਜਾਰੀ ਰਹਿਣਗੇ।