ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ

ਅੰਮ੍ਰਿਤਸਰ: ਫ਼ਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਵਿਸਥਾਰਪੂਰਵਕ ਪੱਤਰ ਭੇਜ ਕੇ ਆਪਣੀ ਰਹਿਮ ਦੀ ਅਪੀਲ ਨਾਲ ਜੁੜੇ ਮਾਮਲੇ 'ਤੇ ਸਪੱਸ਼ਟ ਰੁਖ ਅਪਣਾਉਣ ਦੀ ਅਪੀਲ ਕੀਤੀ ਹੈ।
ਪਟਿਆਲਾ ਜੇਲ੍ਹ ਤੋਂ ਲਿਖੇ ਤਿੰਨ ਸਫ਼ਿਆਂ ਦੇ ਇਸ ਪੱਤਰ ਵਿੱਚ ਰਾਜੋਆਣਾ ਨੇ ਕਿਹਾ ਕਿ ਉਹ ਕਰੀਬ 31 ਸਾਲਾਂ ਤੋਂ ਜੇਲ੍ਹ ਵਿੱਚ ਹਨ, ਜਿਨ੍ਹਾਂ ਵਿੱਚੋਂ ਲਗਭਗ 19 ਸਾਲ ਫ਼ਾਂਸੀ ਵਾਲੀ ਚੱਕੀ ਵਿੱਚ ਬੀਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 31 ਜੁਲਾਈ ਨਾਲ ਇਸ ਸਜ਼ਾ ਦੇ 20ਵੇਂ ਸਾਲ ਦੀ ਸ਼ੁਰੂਆਤ ਹੋ ਜਾਵੇਗੀ।ਰਾਜੋਆਣਾ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਨੇ ਖ਼ੁਦ ਕਦੇ ਵੀ ਆਪਣੀ ਫ਼ਾਂਸੀ ਦੀ ਸਜ਼ਾ ਮੁਆਫ਼ ਕਰਨ ਲਈ ਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਾ ਸ੍ਰੀ ਅਕਾਲ ਤਖ਼ਤ ਸਾਹਿਬ, ਨਾ ਸਰਕਾਰ ਅਤੇ ਨਾ ਹੀ ਰਾਸ਼ਟਰਪਤੀ ਕੋਲ ਕੋਈ ਰਹਿਮ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਅਪੀਲ ਨੂੰ ਕਈ ਸਾਲ ਬੀਤ ਚੁੱਕੇ ਹਨ, ਪਰ ਇਸ 'ਤੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਆਇਆ।ਪੱਤਰ ਵਿੱਚ ਉਨ੍ਹਾਂ ਨੇ ਸੁਝਾਅ ਦਿੱਤਾ ਕਿ ਜੇਕਰ ਰਹਿਮ ਦੀ ਅਪੀਲ 'ਤੇ ਲੰਬੇ ਸਮੇਂ ਤੋਂ ਕੋਈ ਫ਼ੈਸਲਾ ਨਹੀਂ ਹੋ ਰਿਹਾ, ਤਾਂ ਇਸ ਨੂੰ ਵਾਪਸ ਲੈਣ ਬਾਰੇ ਵਿਚਾਰ ਕੀਤਾ ਜਾਵੇ। ਵਿਕਲਪ ਵਜੋਂ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੇਰੀ ਦੇ ਕਾਰਨਾਂ ਸਬੰਧੀ ਕੇਂਦਰ ਸਰਕਾਰ ਨਾਲ ਜੁੜੇ ਸਿੱਖ ਆਗੂਆਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਪੱਸ਼ਟੀਕਰਨ ਮੰਗਿਆ ਜਾਵੇ।

ਰਾਜੋਆਣਾ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਕਈ ਵਾਰ ਸੁਣਵਾਈ ਹੋ ਚੁੱਕੀ ਹੈ, ਪਰ ਅਜੇ ਤੱਕ ਕੋਈ ਅੰਤਿਮ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਇਸ ਪੂਰੇ ਮਾਮਲੇ ਵਿੱਚ ਲੰਬੇ ਸਮੇਂ ਤੋਂ ਬਣੀ ਅਣਿਸ਼ਚਿਤਤਾ 'ਤੇ ਚਿੰਤਾ ਪ੍ਰਗਟ ਕੀਤੀ।