ਮਾਧੋਪੁਰ ਹੈੱਡਵਰਕਸ ਦਾ ਜਾਇਜ਼ਾ ਲੈਣ ਪਹੁੰਚੇ ਕੁਲਦੀਪ ਸਿੰਘ ਧਾਲੀਵਾਲ, ਹੜ੍ਹਾਂ ਸਬੰਧੀ ਲੋਕਾਂ ਨੂੰ ਦਿੱਤਾ ਭਰੋਸਾ

ਪਠਾਨਕੋਟ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਮਾਧੋਪੁਰ ਹੈੱਡਵਰਕਸ ਦਾ ਦੌਰਾ ਕਰਕੇ ਪਾਣੀ ਦੇ ਪ੍ਰਬੰਧਾਂ ਅਤੇ ਸੰਭਾਵਿਤ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਸ ਵੇਲੇ ਪੰਜਾਬ ਵਿੱਚ ਹੜ੍ਹਾਂ ਵਰਗੇ ਹਾਲਾਤ ਬਣਨ ਦੀ ਸੰਭਾਵਨਾ ਨਹੀਂ ਹੈ।
ਧਾਲੀਵਾਲ ਨੇ ਕਿਹਾ ਕਿ ਉੱਪਰਲੇ ਇਲਾਕਿਆਂ ਵਿੱਚ ਹੋਈ ਬਾਰਿਸ਼ ਦੇ ਮੱਦੇਨਜ਼ਰ ਰਣਜੀਤ ਸਾਗਰ ਡੈਮ ਤੋਂ ਪਾਣੀ ਦੀ ਨਿਕਾਸੀ ਅਤੇ ਪ੍ਰਬੰਧਨ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਹਿਰਾਂ ਵਿੱਚ ਪਾਣੀ ਦਾ ਬਹਾਅ ਨਿਯੰਤਰਿਤ ਹੈ, ਜਿਸ ਨਾਲ ਮਾਝਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਸਿੰਚਾਈ ਦੀ ਲੋੜ ਵੀ ਪੂਰੀ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਹੈੱਡਵਰਕਸ ਦੇ ਸਾਰੇ ਗੇਟਾਂ ਅਤੇ ਹੋਰ ਤਕਨੀਕੀ ਪ੍ਰਬੰਧਾਂ ਦੀ ਸਮੇਂ ਸਿਰ ਜਾਂਚ ਅਤੇ ਸੰਭਾਲ ਕੀਤੀ ਗਈ ਹੈ, ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਸਥਿਤੀ ਤੋਂ ਬਚਿਆ ਜਾ ਸਕੇ।
ਦੌਰੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣੇ ਨੀਟ ਪ੍ਰੀਖਿਆ ਨਾਲ ਜੁੜੇ ਵਿਵਾਦ 'ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਜਲਦ ਅਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।