ਅਦਾਕਾਰ ਰੱਬੀ ਕੰਧੋਲਾ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਮੈਂਬਰਸ਼ਿਪ ਕੀਤੀ ਗ੍ਰਹਿਣ

ਚੰਡੀਗੜ੍ਹ: ਪੰਜਾਬੀ ਅਦਾਕਾਰ ਰੱਬੀ ਕੰਧੋਲਾ ਨੇ ਵੀਰਵਾਰ ਨੂੰ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਮੂਲੀਅਤ ਕਰ ਲਈ। ਚੰਡੀਗੜ੍ਹ ਪ੍ਰੈੱਸ ਕਲੱਬ, ਸੈਕਟਰ-27 ਵਿਖੇ ਕਰਵਾਏ ਸਮਾਗਮ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਮੈਂਬਰਸ਼ਿਪ ਸੌਂਪੀ।
ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਰੱਬੀ ਕੰਧੋਲਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ, ਪੰਜਾਬ ਦੇ ਹੱਕਾਂ, ਨੌਜਵਾਨਾਂ ਦੀ ਸਿੱਖਿਆ, ਪਾਰਦਰਸ਼ੀ ਭਰਤੀ ਪ੍ਰਣਾਲੀ ਅਤੇ ਰੁਜ਼ਗਾਰ ਨਾਲ ਜੁੜੇ ਮੁੱਦਿਆਂ ਨੂੰ ਦਿੱਤੀ ਜਾ ਰਹੀ ਤਰਜੀਹ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਨੌਜਵਾਨਾਂ ਨਾਲ ਸਬੰਧਤ ਅਹਿਮ ਮਸਲਿਆਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਉਠਾਉਣ ਦੀ ਲੋੜ ਹੈ।
ਸਮਾਗਮ ਦੌਰਾਨ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ। ਆਗੂਆਂ ਨੇ ਰੱਬੀ ਕੰਧੋਲਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾ ਭੇਟ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦੀ ਵਧਾਈ ਦਿੱਤੀ।
ਪਾਰਟੀ ਆਗੂਆਂ ਨੇ ਕਿਹਾ ਕਿ ਰੱਬੀ ਕੰਧੋਲਾ ਦੀ ਸ਼ਮੂਲੀਅਤ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨਾਲ ਸੰਪਰਕ ਦਾ ਘੇਰਾ ਵਧੇਗਾ। ਉਨ੍ਹਾਂ ਆਸ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਜਨਤਕ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਰੱਬੀ ਕੰਧੋਲਾ ਨੇ ਕਿਹਾ ਕਿ ਉਹ ਪੰਜਾਬ, ਪੰਜਾਬੀ ਅਤੇ ਪੰਥਕ ਸਰੋਕਾਰਾਂ ਦੀ ਸੇਵਾ ਦੇ ਉਦੇਸ਼ ਨਾਲ ਪਾਰਟੀ ਨਾਲ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।