ਆਂਗਣਵਾੜੀ ਵਰਕਰਾਂ ਲਈ ਰਾਹਤ ਦੀ ਖ਼ਬਰ, ਜੀਵਨ ਬੀਮੇ ਦੀ ਯੋਜਨਾ 'ਤੇ ਸਰਕਾਰ ਨੇ ਤੇਜ਼ ਕੀਤੀ ਕਾਰਵਾਈ

ਚੰਡੀਗੜ੍ਹ,  - ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਲਈ ਜੀਵਨ ਬੀਮਾ ਯੋਜਨਾ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨਾਲ ਹੋਈ ਇੱਕ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਤਨਖਾਹਾਂ ਜਾਰੀ ਕਰਨ ਵਾਲੇ ਬੈਂਕਾਂ ਦੇ ਸਹਿਯੋਗ ਨਾਲ ਘੱਟੋ-ਘੱਟ 60 ਲੱਖ ਰੁਪਏ ਦੇ ਜੀਵਨ ਬੀਮੇ ਦੀ ਵਿਵਸਥਾ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਪ੍ਰਸ਼ਾਸਕੀ ਅਤੇ ਵਿੱਤੀ ਸਮੱਸਿਆਵਾਂ ਦਾ ਹੱਲ ਗੱਲਬਾਤ ਅਤੇ ਆਪਸੀ ਸਹਿਮਤੀ ਰਾਹੀਂ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ, ਆਂਗਣਵਾੜੀ ਕਰਮਚਾਰੀਆਂ ਦੇ ਨੁਮਾਇੰਦਿਆਂ ਅਤੇ ਆਊਟਸੋਰਸ ਕਰਮਚਾਰੀਆਂ ਦੇ ਪ੍ਰਤੀਨਿਧੀਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਅਤੇ ਹੋਰ ਮੁੱਦਿਆਂ 'ਤੇ ਚਰਚਾ ਕੀਤੀ ਗਈ।

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੀ ਪੂਰੀ ਜਾਣਕਾਰੀ ਹੈ। ਉਨ੍ਹਾਂ ਦੱਸਿਆ ਕਿ ਕਈ ਮਾਮਲਿਆਂ ਵਿੱਚ ਪ੍ਰਸ਼ਾਸਕੀ ਕਾਰਵਾਈ ਪਹਿਲਾਂ ਹੀ ਜਾਰੀ ਹੈ ਅਤੇ ਸੰਬੰਧਿਤ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਕਰਮਚਾਰੀਆਂ ਨੂੰ ਜਲਦ ਰਾਹਤ ਮਿਲ ਸਕੇ।