ਲੰਡਨ 'ਚ ਰਵੀ ਸਿੰਘ ਖ਼ਾਲਸਾ ਅਤੇ ਜਥੇਦਾਰ ਗੜਗੱਜ ਦੀ ਮੁਲਾਕਾਤ, ਸੇਵਾ ਕਾਰਜਾਂ 'ਤੇ ਹੋਈ ਚਰਚਾ

ਲੰਡਨ, - ਖ਼ਾਲਸਾ ਏਡ ਦੇ ਸੰਸਥਾਪਕ ਸ. ਰਵੀ ਸਿੰਘ ਖ਼ਾਲਸਾ ਨੇ ਯੂਕੇ ਦੌਰੇ 'ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਨੇ ਆਪਸੀ ਸਤਿਕਾਰ ਦੇ ਪ੍ਰਤੀਕ ਵਜੋਂ ਇੱਕ-ਦੂਜੇ ਨੂੰ ਦਸਤਾਰ ਭੇਟ ਕਰਕੇ ਸਨਮਾਨਿਤ ਕੀਤਾ।

ਮੁਲਾਕਾਤ ਦੌਰਾਨ ਰਵੀ ਸਿੰਘ ਖ਼ਾਲਸਾ ਨੇ ਖ਼ਾਲਸਾ ਏਡ ਵੱਲੋਂ ਵੱਖ-ਵੱਖ ਦੇਸ਼ਾਂ ਵਿੱਚ ਮਨੁੱਖਤਾ ਦੀ ਭਲਾਈ ਲਈ ਚਲਾਏ ਜਾ ਰਹੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਦੋਵਾਂ ਵਿਚਕਾਰ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਸੇਵਾ ਪ੍ਰੋਜੈਕਟਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਉਨ੍ਹਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਲੋਕ ਭਲਾਈ ਨਾਲ ਜੁੜੇ ਹੋਰ ਪ੍ਰੋਜੈਕਟ ਸ਼ੁਰੂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਸੁਝਾਅ ਦਿੱਤਾ ਕਿ ਅਜਿਹੇ ਖੇਤਰ ਵਿੱਚ ਆਧੁਨਿਕ ਸਿਹਤ ਸਹੂਲਤਾਂ ਵਾਲਾ ਹਸਪਤਾਲ ਸਥਾਪਤ ਕੀਤਾ ਜਾਵੇ ਜਿੱਥੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਮਿਲ ਸਕੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਸਰਹੱਦੀ ਇਲਾਕਿਆਂ ਦੇ ਬੱਚਿਆਂ ਦੀ ਸਿੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਬਾਰਡਰ ਖੇਤਰ ਵਿੱਚ ਇੱਕ ਸਕੂਲ ਸਥਾਪਤ ਕਰਨ ਦੀ ਵੀ ਸਲਾਹ ਦਿੱਤੀ। ਦੋਵਾਂ ਨੇ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਯਤਨ ਜਾਰੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ।