ਪੰਜਾਬ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਤੇਜ਼, ਰਾਹੁਲ ਗਾਂਧੀ ਕਰਨਗੇ ਮੁਹਿੰਮ ਦੀ ਅਗਵਾਈ

ਚੰਡੀਗੜ੍ਹ,  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਨਵੀਂ ਦਿੱਲੀ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਨਾਲ ਸੰਬੰਧਿਤ ਰਣਨੀਤੀ ਅਤੇ ਚੋਣੀ ਯੋਜਨਾ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ, ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਸੀਨੀਅਰ ਆਗੂ ਮੌਜੂਦ ਰਹੇ।
ਬੈਠਕ ਦੌਰਾਨ ਪੰਜਾਬ ਵਿੱਚ ਪਾਰਟੀ ਦੀ ਮੌਜੂਦਾ ਸਥਿਤੀ, ਚੋਣੀ ਤਿਆਰੀਆਂ ਅਤੇ ਆਉਣ ਵਾਲੀ ਰਣਨੀਤੀ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਚਰਚਾ ਤੋਂ ਬਾਅਦ ਇਹ ਸਹਿਮਤੀ ਬਣੀ ਕਿ ਪੰਜਾਬ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾਵੇਗੀ। ਮੁਹਿੰਮ ਦੀ ਸ਼ੁਰੂਆਤ ਦੀ ਤਾਰੀਖ਼ ਦਾ ਐਲਾਨ ਪਾਰਟੀ ਵੱਲੋਂ ਜਲਦ ਕੀਤਾ ਜਾਵੇਗਾ।