ਰੇਲਵੇ ਪ੍ਰਾਜੈਕਟਾਂ ਦੀ ਰਫ਼ਤਾਰ ਤੇਜ਼ ਕਰਨ ਲਈ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ,  - ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿੱਚ ਲੰਬਿਤ ਰੇਲਵੇ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਸੂਬਾ ਸਰਕਾਰ ਦੇ ਪੱਧਰ 'ਤੇ ਅਟਕੇ ਮਾਮਲਿਆਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਦੇ ਨਿੱਜੀ ਦਖ਼ਲ ਦੀ ਅਪੀਲ ਕੀਤੀ ਹੈ।

ਪੱਤਰ ਵਿੱਚ ਬਿੱਟੂ ਨੇ ਕਿਹਾ ਕਿ ਵੱਖ-ਵੱਖ ਪ੍ਰਸ਼ਾਸਕੀ ਅਤੇ ਹੋਰ ਲੰਬਿਤ ਮਾਮਲਿਆਂ ਕਾਰਨ ਪੰਜਾਬ ਦੇ ਕਈ ਮਹੱਤਵਪੂਰਨ ਰੇਲਵੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਰੁਕਾਵਟਾਂ ਨੂੰ ਜਲਦੀ ਦੂਰ ਕਰਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਰੇਲਵੇ ਪ੍ਰਾਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਨਾ ਸਿਰਫ਼ ਰਾਸ਼ਟਰੀ ਪੱਧਰ 'ਤੇ ਮਹੱਤਵਪੂਰਨ ਹੈ, ਸਗੋਂ ਪੰਜਾਬ ਵਿੱਚ ਆਵਾਜਾਈ ਦੇ ਢਾਂਚੇ ਨੂੰ ਮਜ਼ਬੂਤ ਕਰਨ, ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ, ਵਪਾਰਕ ਗਤੀਵਿਧੀਆਂ ਨੂੰ ਰਫ਼ਤਾਰ ਦੇਣ ਅਤੇ ਯਾਤਰੀਆਂ ਤੇ ਮਾਲ ਢੁਆਈ ਦੀਆਂ ਸਹੂਲਤਾਂ ਵਿੱਚ ਸੁਧਾਰ ਲਿਆਉਣ ਲਈ ਵੀ ਲਾਜ਼ਮੀ ਹੈ।

ਬਿੱਟੂ ਨੇ ਆਸ ਜਤਾਈ ਕਿ ਸੂਬਾ ਸਰਕਾਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੰਬਿਤ ਮਸਲਿਆਂ ਦਾ ਜਲਦ ਹੱਲ ਕਰੇਗੀ, ਤਾਂ ਜੋ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾ ਸਕੇ।