ਵਿਦਿਆਰਥਣਾਂ ਦੀ ਸ਼ਿਕਾਇਤ ਤੋਂ ਬਾਅਦ ਮੋਗਾ ਦਾ ਸਰਕਾਰੀ ਅਧਿਆਪਕ ਮੁਅੱਤਲ

ਚੰਡੀਗੜ੍ਹ/ਮੋਗਾ: ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਦੇ ਇੱਕ ਅਧਿਆਪਕ ਨੂੰ ਵਿਦਿਆਰਥਣਾਂ ਵੱਲੋਂ ਲਗਾਏ ਗਏ ਕਥਿਤ ਗਲਤ ਵਿਹਾਰ ਅਤੇ ਧਮਕੀਆਂ ਦੇ ਦੋਸ਼ਾਂ ਦੇ ਮੱਦੇਨਜ਼ਰ ਮੁਅੱਤਲ ਕਰ ਦਿੱਤਾ ਹੈ। ਸਿੱਖਿਆ ਵਿਭਾਗ ਅਨੁਸਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਮਾਮਲੇ ਦੀ ਮੁੱਢਲੀ ਜਾਂਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਵੱਲੋਂ ਕਰਵਾਈ ਗਈ। ਸ਼ੁਰੂਆਤੀ ਜਾਂਚ ਰਿਪੋਰਟ ਦੇ ਆਧਾਰ 'ਤੇ ਸੰਬੰਧਿਤ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਸ਼ਿਕਾਇਤ ਮੁਤਾਬਕ, ਸਕੂਲ ਦੀਆਂ ਕੁਝ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਅਧਿਆਪਕ ਨੇ ਉਨ੍ਹਾਂ ਨਾਲ ਕਥਿਤ ਤੌਰ 'ਤੇ ਅਣਉਚਿਤ ਵਿਹਾਰ ਕੀਤਾ ਅਤੇ ਮਾਮਲੇ ਬਾਰੇ ਕਿਸੇ ਨੂੰ ਦੱਸਣ 'ਤੇ ਪ੍ਰੀਖਿਆ ਵਿੱਚ ਫੇਲ੍ਹ ਕਰਨ ਦੀ ਧਮਕੀ ਵੀ ਦਿੱਤੀ।

ਸਿੱਖਿਆ ਵਿਭਾਗ ਨੇ ਦੱਸਿਆ ਕਿ ਵਿਭਾਗੀ ਨਿਯਮਾਂ ਅਨੁਸਾਰ ਮੁਅੱਤਲੀ ਦੌਰਾਨ ਅਧਿਆਪਕ ਨੂੰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ ਅਤੇ ਇਸ ਸਮੇਂ ਦੌਰਾਨ ਉਸ ਦੀ ਡਿਊਟੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਦੇ ਦਫ਼ਤਰ ਨਾਲ ਲਗਾਈ ਗਈ ਹੈ।

ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਜਾਰੀ ਹੈ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।