3–5 ਅਗਸਤ ਨੂੰ ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਪਹੀਏ ਰੁਕ ਸਕਦੇ ਹਨ, ਯੂਨੀਅਨ ਨੇ ਤਿੰਨ ਦਿਨਾਂ ਦੀ ਹੜਤਾਲ ਦੀ ਦਿੱਤੀ ਚੇਤਾਵਨੀ

ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀ ਯੂਨੀਅਨ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਕ ਵਿੱਚ 3 ਤੋਂ 5 ਅਗਸਤ ਤੱਕ ਤਿੰਨ ਦਿਨਾਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਨਾਲ ਕਈ ਗੇੜਾਂ ਦੀ ਗੱਲਬਾਤ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਜਲਦ ਫ਼ੈਸਲਾ ਨਾ ਲਿਆ ਗਿਆ ਤਾਂ ਮੁਲਾਜ਼ਮ ਹੜਤਾਲ ਦੇ ਰਾਹ 'ਤੇ ਅੱਗੇ ਵਧਣਗੇ।
ਹੜਤਾਲ ਤੋਂ ਪਹਿਲਾਂ 27 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਬੱਸ ਡਿਪੂਆਂ ਦੇ ਬਾਹਰ ਗੇਟ ਰੈਲੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਮੁਲਾਜ਼ਮ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਗੇ ਅਤੇ ਸੰਘਰਸ਼ ਦੀ ਰੂਪ-ਰੇਖਾ ਲੋਕਾਂ ਸਾਹਮਣੇ ਰੱਖਣਗੇ।
ਟਰਾਂਸਪੋਰਟ ਵਿਭਾਗ ਦੇ ਅੰਕੜਿਆਂ ਮੁਤਾਬਕ ਸੂਬੇ ਵਿੱਚ 2,200 ਤੋਂ ਵੱਧ ਸਰਕਾਰੀ ਬੱਸਾਂ ਪੰਜਾਬ ਅਤੇ ਹੋਰ ਰਾਜਾਂ ਦੇ 1,100 ਤੋਂ ਵੱਧ ਰੂਟਾਂ 'ਤੇ ਸੇਵਾਵਾਂ ਦੇ ਰਹੀਆਂ ਹਨ। ਇਹ ਬੱਸਾਂ ਹਰ ਰੋਜ਼ ਲੱਖਾਂ ਕਿਲੋਮੀਟਰ ਦਾ ਸਫ਼ਰ ਤੈਅ ਕਰਦੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਯਾਤਰੀਆਂ ਨੂੰ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਦੀਆਂ ਹਨ।
ਜੇਕਰ ਐਲਾਨੀ ਹੜਤਾਲ ਅਮਲ ਵਿੱਚ ਆਉਂਦੀ ਹੈ ਤਾਂ ਰੋਜ਼ਾਨਾ ਸਰਕਾਰੀ ਬੱਸਾਂ 'ਤੇ ਨਿਰਭਰ ਰਹਿਣ ਵਾਲੇ ਹਜ਼ਾਰਾਂ ਯਾਤਰੀ ਪ੍ਰਭਾਵਿਤ ਹੋ ਸਕਦੇ ਹਨ। ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਅਗਲੇ ਪੜਾਅ ਦਾ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।