ਸਿਆਟਲ ਦੇ ਪ੍ਰਸਿੱਧ ਮੇਲੇ ਦੌਰਾਨ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ ਬੱਚੇ ਸਮੇਤ ਕਈ ਜ਼ਖ਼ਮੀ

ਸਿਆਟਲ: ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੇ ਸਿਆਟਲ ਸ਼ਹਿਰ ਵਿੱਚ ਇੱਕ ਪ੍ਰਸਿੱਧ ਸਾਲਾਨਾ ਸਮਾਗਮ ਦੌਰਾਨ ਐਤਵਾਰ ਸ਼ਾਮ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਦੋ ਲੋਕਾਂ ਦੀ ਜਾਨ ਚਲੀ ਗਈ, ਜਦਕਿ ਦੋ ਸਾਲਾ ਬੱਚੇ ਸਮੇਤ ਕਈ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਮੇਲੇ ਵਿੱਚ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਇਲਾਕੇ ਵਿੱਚ ਐਮਰਜੈਂਸੀ ਸੇਵਾਵਾਂ ਤੁਰੰਤ ਸਰਗਰਮ ਹੋ ਗਈਆਂ।
ਮੁੱਢਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਸਿਆਟਲ ਸੈਂਟਰ ਦੇ ਨੇੜੇ ਉਸ ਸਮੇਂ ਹੋਈ, ਜਦੋਂ ਉੱਥੇ ਚੱਲ ਰਹੇ ਸਾਲਾਨਾ ਫੂਡ ਫੈਸਟੀਵਲ ਵਿੱਚ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਇਹ ਇਲਾਕਾ ਮਸ਼ਹੂਰ ਸਪੇਸ ਨੀਡਲ ਦੇ ਨੇੜੇ ਹੋਣ ਕਾਰਨ ਹਮੇਸ਼ਾ ਹੀ ਭਾਰੀ ਭੀੜ ਵਾਲਾ ਰਹਿੰਦਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਮਰਜੈਂਸੀ ਮੈਡੀਕਲ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਦੋ ਵਿਅਕਤੀਆਂ ਨੂੰ ਬਚਾਇਆ ਨਹੀਂ ਜਾ ਸਕਿਆ, ਜਦਕਿ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਹੋਰ ਲੋਕਾਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਜ਼ਖ਼ਮੀਆਂ ਵਿੱਚ ਇੱਕ ਦੋ ਸਾਲ ਦਾ ਬੱਚਾ ਵੀ ਸ਼ਾਮਲ ਹੈ। ਇੱਕ ਹੋਰ ਮਹਿਲਾ ਨੂੰ ਮੌਕੇ 'ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ, ਜਿਸ ਨੇ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ।
ਹਸਪਤਾਲ ਪ੍ਰਸ਼ਾਸਨ ਮੁਤਾਬਕ ਇੱਕ ਮਹਿਲਾ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਹੋਰ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ। ਉਨ੍ਹਾਂ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ 'ਤੇ ਗੋਲੀਆਂ ਲੱਗੀਆਂ ਹਨ।
ਪੁਲਿਸ ਨੇ ਮ੍ਰਿਤਕਾਂ ਦੀ ਪਛਾਣ ਹਾਲੇ ਜਨਤਕ ਨਹੀਂ ਕੀਤੀ ਅਤੇ ਨਾ ਹੀ ਕਿਸੇ ਸ਼ੱਕੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਜਾਂਚ ਅਧਿਕਾਰੀ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੇ ਹਨ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਗੋਲੀਬਾਰੀ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਲਈ ਜਾਂਚ ਜਾਰੀ ਹੈ।