ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਦਾ ਦਿਹਾਂਤ, ਭਲਕੇ ਜੱਦੀ ਪਿੰਡ ਵਿੱਚ ਹੋਵੇਗਾ ਅੰਤਿਮ ਸੰਸਕਾਰ

ਲੁਧਿਆਣਾ: ਪੰਜਾਬੀ ਅਤੇ ਬਾਲੀਵੁੱਡ ਗਾਇਕ-ਅਦਾਕਾਰ ਜੱਸੀ ਗਿੱਲ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੀ ਮਾਤਾ ਰਵਿੰਦਰ ਕੌਰ, ਪਤਨੀ ਸ. ਗੁਰਮਿੰਦਰ ਸਿੰਘ, ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸੰਗੀਤ ਅਤੇ ਫ਼ਿਲਮ ਜਗਤ ਵਿੱਚ ਸੋਗ ਦੀ ਲਹਿਰ ਹੈ।

ਪਰਿਵਾਰਕ ਜਾਣਕਾਰੀ ਅਨੁਸਾਰ ਰਵਿੰਦਰ ਕੌਰ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਲੰਬੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

ਪਰਿਵਾਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ 28 ਜੁਲਾਈ ਨੂੰ ਸਵੇਰੇ 10:30 ਵਜੇ ਜੱਸੀ ਗਿੱਲ ਦੇ ਜੱਦੀ ਪਿੰਡ ਜੰਡਾਲੀ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।

ਜੱਸੀ ਗਿੱਲ, ਜਿਨ੍ਹਾਂ ਦਾ ਅਸਲੀ ਨਾਮ ਜਸਦੀਪ ਸਿੰਘ ਗਿੱਲ ਹੈ, ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਪੰਜਾਬੀ ਸੰਗੀਤ ਦੇ ਨਾਲ-ਨਾਲ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਦੀਆਂ ਕਈ ਫ਼ਿਲਮਾਂ ਅਤੇ ਗੀਤ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤੇ ਗਏ ਹਨ।

ਮਾਤਾ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਕਲਾਕਾਰਾਂ, ਪ੍ਰਸ਼ੰਸਕਾਂ ਅਤੇ ਵੱਖ-ਵੱਖ ਹਸਤੀਆਂ ਵੱਲੋਂ ਜੱਸੀ ਗਿੱਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।