ਸੰਗਰੂਰ 'ਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਦਾ ਮਾਮਲਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਸੰਗਰੂਰ: ਸੰਗਰੂਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਪੈਟਰੋਲ ਬੰਬ ਸੁੱਟਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਦੇਰ ਰਾਤ ਕਰੀਬ 2 ਵਜੇ ਵਾਪਰੀ। ਉਸ ਸਮੇਂ ਦਫ਼ਤਰ ਦੇ ਅੰਦਰ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ, ਜਿਸ ਕਾਰਨ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਸਵੇਰੇ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਐੱਸ.ਪੀ. (ਡੀ) ਦਵਿੰਦਰ ਅਤਰੀ ਨੇ ਦੱਸਿਆ ਕਿ ਮੌਕੇ ਦੀ ਜਾਂਚ ਦੌਰਾਨ ਬਾਹਰੀ ਕੰਧ ਨੇੜੇ ਅੱਗ ਲੱਗਣ ਦੇ ਨਿਸ਼ਾਨ ਮਿਲੇ ਹਨ। ਮੁੱਢਲੀ ਜਾਂਚ ਅਨੁਸਾਰ ਬੀਅਰ ਦੀ ਬੋਤਲ ਵਿੱਚ ਜਲਣਸ਼ੀਲ ਪਦਾਰਥ ਭਰ ਕੇ ਦਫ਼ਤਰ ਵੱਲ ਸੁੱਟਿਆ ਗਿਆ ਸੀ, ਜਿਸ ਕਾਰਨ ਕੰਧ ਨੂੰ ਨੁਕਸਾਨ ਪਹੁੰਚਿਆ।
ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਦੀ ਮਦਦ ਲਈ ਹੈ। ਨਾਲ ਹੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।
ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਸਬੰਧੀ ਕੇਸ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਪੁਲਿਸ ਟੀਮਾਂ ਦੋਸ਼ੀਆਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।