-21 ਗੁਰਦੁਆਰਿਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼, 18 ਹੋਰ ਇਤਿਹਾਸਕ ਗੁਰਧਾਮਾਂ ਦੀ ਬਹਾਲੀ ਦਾ ਕੰਮ ਜਾਰੀ -ਪੰਜਾਬੀ ਨੂੰ ਮੁੱਢਲੀਆਂ ਜਮਾਤਾਂ ਤੋਂ ਲਾਗੂ ਕਰਨ ਲਈ ਸਰਕਾਰ ਪਾਸੋ ਕੀਤੀ ਜਾ ਰਹੀ ਹੈ ਮੰਗ, -ਵਿਦੇਸ਼ੀ ਸਿੱਖਾਂ ਨੂੰ ਵਿਰਾਸਤ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ -ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਸਕੱਤਰ ਪ੍ਰੋ: ਸਤਵੰਤ ਕੌਰ ਦੀ ਇੰਗਲੈਂਡ ਚ 'ਅਜੀਤ' ਨਾਲ ਵਿਸੇਸ ਗੱਲਬਾਤ

 ਲੈਸਟਰ (ਇੰਗਲੈਂਡ), 27 ਜੁਲਾਈ (ਸੁਖਜਿੰਦਰ ਸਿੰਘ ਢੱਡੇ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਸਕੱਤਰ ਪ੍ਰੋ. ਸਤਵੰਤ ਕੌਰ ਨੇ ਕਿਹਾ ਹੈ ਕਿ ਪਾਕਿਸਤਾਨ ਵਿਚ ਸਿੱਖ ਧਾਰਮਿਕ ਅਸਥਾਨਾਂ ਦੀ ਸੇਵਾ-ਸੰਭਾਲ, ਇਤਿਹਾਸਕ ਗੁਰਦੁਆਰਿਆਂ ਦੀ ਬਹਾਲੀ ਅਤੇ ਉੱਥੇ ਵੱਸਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ, ਸਮਾਜਿਕ ਅਤੇ ਵਿਦਿਅਕ ਲੋੜਾਂ ਦੀ ਪੂਰਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਯੂਕੇ ਦੌਰੇ ਦੌਰਾਨ &lsquoਅਜੀਤ&rsquo ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਵੇਲੇ ਪਾਕਿਸਤਾਨ ਦੇ 21 ਗੁਰਦੁਆਰਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋ ਰਿਹਾ ਹੈ, ਜਦਕਿ 18 ਹੋਰ ਇਤਿਹਾਸਕ ਗੁਰਧਾਮਾਂ ਦੀ ਸੰਭਾਲ, ਮੁਰੰਮਤ ਅਤੇ ਪੁਨਰ-ਸੁਰਜੀਤੀ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ 1971 ਵਿਚ ਪਾਕਿਸਤਾਨ ਜਾ ਕੇ ਵੱਸਿਆ ਸੀ ਅਤੇ ਉਸ ਸਮੇਂ ਸਿੱਖ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੀਮਤ ਧਾਰਮਿਕ ਸਹੂਲਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ 1999 ਤੱਕ ਪਾਕਿਸਤਾਨ ਵਿਚ ਸਿਰਫ਼ ਤਿੰਨ ਗੁਰਦੁਆਰਿਆਂ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਸੀ, ਪਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਤੋਂ ਬਾਅਦ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਰਕਾਰ ਦੇ ਸਹਿਯੋਗ ਨਾਲ ਹਾਲਾਤਾਂ ਵਿਚ ਕਾਫ਼ੀ ਸੁਧਾਰ ਆਇਆ ਹੈ ਅਤੇ ਕਈ ਬੰਦ ਪਏ ਇਤਿਹਾਸਕ ਗੁਰਦੁਆਰੇ ਮੁੜ ਸੰਗਤ ਲਈ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪਾਕਿਸਤਾਨ ਵਿਚ ਕਰੀਬ 15 ਹਜ਼ਾਰ ਸਿੱਖ ਵੱਸਦੇ ਹਨ ਅਤੇ ਭਾਵੇਂ ਭਾਈਚਾਰੇ ਦੀ ਗਿਣਤੀ ਘੱਟ ਹੈ, ਪਰ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਵੱਡੀ ਗਿਣਤੀ ਇਤਿਹਾਸਕ ਗੁਰਧਾਮ ਪਾਕਿਸਤਾਨ ਦੀ ਧਰਤੀ 'ਤੇ ਸਥਿਤ ਹਨ, ਜਿਨ੍ਹਾਂ ਦੇ ਪੁਰਾਤਨ ਅਤੇ ਇਤਿਹਾਸਕ ਸਰੂਪ ਨੂੰ ਬਰਕਰਾਰ ਰੱਖਣਾ ਕਮੇਟੀ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਮਾਮਲਿਆਂ ਨਾਲ ਸਬੰਧਤ ਸਰਕਾਰੀ ਵਿਭਾਗ ਅਤੇ ਪਾਕਿਸਤਾਨ ਸਰਕਾਰ ਵੀ ਗੁਰਦੁਆਰਿਆਂ ਦੇ ਰੱਖ-ਰਖਾਅ ਅਤੇ ਬਹਾਲੀ ਲਈ ਸਹਿਯੋਗ ਦੇ ਰਹੇ ਹਨ। ਪੰਜਾਬੀ ਭਾਸ਼ਾ ਬਾਰੇ ਗੱਲ ਕਰਦਿਆਂ ਪ੍ਰੋ. ਸਤਵੰਤ ਕੌਰ ਨੇ ਕਿਹਾ ਕਿ ਪਾਕਿਸਤਾਨੀ ਪੰਜਾਬ ਵਿਚ ਵੱਡੀ ਗਿਣਤੀ ਲੋਕ ਪੰਜਾਬੀ ਬੋਲਦੇ ਹਨ, ਪਰ ਸਰਕਾਰੀ ਸਿੱਖਿਆ ਪ੍ਰਣਾਲੀ ਵਿਚ ਪੰਜਾਬੀ ਨੂੰ ਮੁੱਢਲੀਆਂ ਜਮਾਤਾਂ ਤੋਂ ਉਹ ਸਥਾਨ ਨਹੀਂ ਮਿਲਿਆ, ਜਿਸ ਦੀ ਇਹ ਹੱਕਦਾਰ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਦਾ ਸਿਲੇਬਸ ਤਾਂ ਮੌਜੂਦ ਹੈ, ਪਰ ਇਸ ਦੀ ਪੜ੍ਹਾਈ ਆਮ ਤੌਰ 'ਤੇ ਉੱਚ ਜਮਾਤਾਂ ਵਿਚ ਸ਼ੁਰੂ ਹੁੰਦੀ ਹੈ ਅਤੇ ਜੇਕਰ ਇਸ ਨੂੰ ਨਰਸਰੀ ਅਤੇ ਪ੍ਰਾਇਮਰੀ ਪੱਧਰ ਤੋਂ ਲਾਗੂ ਕੀਤਾ ਜਾਵੇ ਤਾਂ ਨਵੀਂ ਪੀੜ੍ਹੀ ਦਾ ਆਪਣੀ ਮਾਂ-ਬੋਲੀ ਨਾਲ ਰਿਸ਼ਤਾ ਹੋਰ ਮਜ਼ਬੂਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਪੰਜਾਬੀ ਮੁੱਖ ਤੌਰ 'ਤੇ ਸ਼ਾਹਮੁਖੀ ਲਿਪੀ ਵਿਚ ਲਿਖੀ ਜਾਂਦੀ ਹੈ, ਜਦਕਿ ਸਿੱਖ ਪਰਿਵਾਰ ਆਪਣੇ ਬੱਚਿਆਂ ਨੂੰ ਗੁਰਮੁਖੀ ਵੀ ਸਿਖਾਉਂਦੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਗੁਰਦੁਆਰਿਆਂ ਵਿਚ ਹਫ਼ਤੇ ਦੇ ਅੰਤਲੇ ਦਿਨਾਂ ਦੌਰਾਨ ਬੱਚਿਆਂ ਲਈ ਵਿਸ਼ੇਸ਼ ਪੰਜਾਬੀ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿੱਥੇ ਗੁਰਮੁਖੀ, ਗੁਰਬਾਣੀ ਪਾਠ, ਕੀਰਤਨ, ਸਿੱਖ ਇਤਿਹਾਸ ਅਤੇ ਰਹਿਤ-ਮਰਿਆਦਾ ਦੀ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਬੱਚੇ ਗੁਰਪੁਰਬਾਂ ਸਮੇਤ ਹੋਰ ਧਾਰਮਿਕ ਸਮਾਗਮਾਂ ਵਿਚ ਕੀਰਤਨ ਅਤੇ ਗੁਰਬਾਣੀ ਪਾਠ ਵਿਚ ਸਰਗਰਮੀ ਨਾਲ ਹਿੱਸਾ ਲੈਂਦੇ ਹਨ। ਧਰਮ ਤਬਦੀਲੀ ਨਾਲ ਸਬੰਧਤ ਮਾਮਲਿਆਂ ਬਾਰੇ ਉਨ੍ਹਾਂ ਕਿਹਾ ਕਿ ਕੁਝ ਇਕੱਲੀਆਂ ਘਟਨਾਵਾਂ ਨੂੰ ਪੂਰੇ ਪਾਕਿਸਤਾਨੀ ਸਿੱਖ ਭਾਈਚਾਰੇ ਦੀ ਸਥਿਤੀ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਸ ਘਟਨਾ ਦੀ ਵਧੇਰੇ ਚਰਚਾ ਹੋਈ ਸੀ, ਉਸ ਵਿਚ ਸਬੰਧਤ ਔਰਤ ਵੱਲੋਂ ਆਪਣੀ ਮਰਜ਼ੀ ਨਾਲ ਫ਼ੈਸਲਾ ਲੈਣ ਦੀ ਗੱਲ ਸਾਹਮਣੇ ਆਈ ਸੀ, ਹਾਲਾਂਕਿ ਸਿੱਖ ਭਾਈਚਾਰੇ ਨੇ ਉਸ ਘਟਨਾ 'ਤੇ ਆਪਣਾ ਇਤਰਾਜ਼ ਵੀ ਦਰਜ ਕਰਵਾਇਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ 'ਤੇ ਜ਼ਬਰਦਸਤੀ ਧਰਮ ਤਬਦੀਲੀ ਦਾ ਦਬਾਅ ਨਹੀਂ ਹੋਣਾ ਚਾਹੀਦਾ ਅਤੇ ਅਜਿਹੇ ਮਾਮਲਿਆਂ ਵਿਚ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਲਾਜ਼ਮੀ ਹੈ। ਪ੍ਰੋ. ਸਤਵੰਤ ਕੌਰ ਨੇ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਉਨ੍ਹਾਂ ਨੂੰ ਸ਼ਾਮਲ ਕਰਨ ਦਾ ਇਕ ਮੁੱਖ ਉਦੇਸ਼ ਸਿੱਖ ਔਰਤਾਂ ਦੀ ਸਿੱਖਿਆ, ਸੁਰੱਖਿਆ, ਧਾਰਮਿਕ ਭਾਗੀਦਾਰੀ ਅਤੇ ਸਮਾਜਿਕ ਭਲਾਈ ਨਾਲ ਜੁੜੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਵੀ ਹੈ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਂਦਾ ਹੈ। ਉਨ੍ਹਾਂ ਯੂਕੇ, ਕੈਨੇਡਾ, ਅਮਰੀਕਾ ਅਤੇ ਹੋਰ ਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮਾਂ ਦੀ ਸੰਭਾਲ, ਖੋਜ, ਵਿਕਾਸ, ਪੁਰਾਤਨ ਦਸਤਾਵੇਜ਼ਾਂ ਅਤੇ ਧਾਰਮਿਕ ਸਾਹਿਤ ਦੀ ਰੱਖਿਆ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਕੰਮ ਕਰਨ। ਉਨ੍ਹਾਂ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਵਿਸਾਖੀ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚਦੇ ਹਨ। ਗੱਲਬਾਤ ਦੇ ਅੰਤ ਵਿਚ ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਵਿਚ ਭਾਸ਼ਾ, ਸੱਭਿਆਚਾਰ, ਰਹਿਣ-ਸਹਿਣ ਅਤੇ ਇਤਿਹਾਸ ਦੀ ਡੂੰਘੀ ਸਾਂਝ ਹੈ ਅਤੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਪੰਜਾਬੀ ਭਾਸ਼ਾ, ਸਾਂਝੀ ਵਿਰਾਸਤ ਅਤੇ ਇਤਿਹਾਸਕ ਗੁਰਧਾਮਾਂ ਦੀ ਸੰਭਾਲ ਲਈ ਆਪਸੀ ਸਹਿਯੋਗ ਅਤੇ ਸੰਵਾਦ ਨੂੰ ਹੋਰ ਮਜ਼ਬੂਤ ਕਰਦਿਆਂ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਿੱਖ ਇਤਿਹਾਸ ਦੀ ਇਸ ਅਨਮੋਲ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਿਆ ਜਾ ਸਕੇ।