ਭਗਵੰਤ ਮਾਨ ਦੇਸ਼ ਦੇ ਘੱਟ ਜਾਇਦਾਦ ਵਾਲੇ ਮੁੱਖ ਮੰਤਰੀਆਂ ਵਿੱਚ ਸ਼ਾਮਲ, ਕੁੱਲ ਸੰਪਤੀ 1.97 ਕਰੋੜ ਰੁਪਏ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਉਨ੍ਹਾਂ ਮੁੱਖ ਮੰਤਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੇ ਆਪਣੀ ਘੱਟ ਜਾਇਦਾਦ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ADR) ਅਤੇ ਨੈਸ਼ਨਲ ਇਲੈਕਸ਼ਨ ਵਾਚ ਦੀ ਰਿਪੋਰਟ ਮੁਤਾਬਕ ਭਗਵੰਤ ਮਾਨ ਦੀ ਕੁੱਲ ਜਾਇਦਾਦ 1.97 ਕਰੋੜ ਰੁਪਏ ਦਰਜ ਕੀਤੀ ਗਈ ਹੈ।

ਰਿਪੋਰਟ ਵਿੱਚ ਦੇਸ਼ ਦੇ 31 ਮੁੱਖ ਮੰਤਰੀਆਂ ਵੱਲੋਂ ਚੋਣ ਹਲਫਨਾਮਿਆਂ ਵਿੱਚ ਦਿੱਤੀ ਗਈ ਜਾਣਕਾਰੀ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਇਸ ਅਨੁਸਾਰ ਭਗਵੰਤ ਮਾਨ ਘੱਟ ਸੰਪਤੀ ਵਾਲੇ ਮੁੱਖ ਮੰਤਰੀਆਂ ਦੀ ਸੂਚੀ ਵਿੱਚ ਪੰਜਵੇਂ ਸਥਾਨ &lsquoਤੇ ਹਨ।

ਰਿਪੋਰਟ ਮੁਤਾਬਕ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 5.80 ਕਰੋੜ ਰੁਪਏ ਦੀ ਜਾਇਦਾਦ ਐਲਾਨੀ ਹੈ, ਜਦਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਕੁੱਲ ਸੰਪਤੀ 7.81 ਕਰੋੜ ਰੁਪਏ ਦੱਸੀ ਗਈ ਹੈ।

ADR ਦੀ ਰਿਪੋਰਟ ਅਨੁਸਾਰ ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਦੇਸ਼ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਹਨ, ਜਿਨ੍ਹਾਂ ਨੇ 1,413 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਐਲਾਨੀ ਹੈ। ਉੱਥੇ ਹੀ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ 55 ਲੱਖ ਰੁਪਏ ਦੀ ਸੰਪਤੀ ਦੱਸੀ ਹੈ।

ਰਿਪੋਰਟ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਭਗਵੰਤ ਮਾਨ ਨੇ ਆਪਣਾ ਪੇਸ਼ਾ ਰਾਜਨੀਤੀ ਦੱਸਿਆ ਹੈ ਅਤੇ ਉਨ੍ਹਾਂ ਦੀ ਸਾਲਾਨਾ ਆਮਦਨ 18.34 ਲੱਖ ਰੁਪਏ ਦਰਜ ਕੀਤੀ ਗਈ ਹੈ। ਦੂਜੇ ਪਾਸੇ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਪਣੇ ਆਪ ਨੂੰ ਪੈਨਸ਼ਨਰ ਅਤੇ ਠੇਕੇਦਾਰ ਦੱਸਿਆ ਹੈ, ਜਦਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਇਕ, ਮੁੱਖ ਮੰਤਰੀ ਅਤੇ ਪੱਥਰ ਕਰੱਸ਼ਰ ਕਾਰੋਬਾਰ ਨਾਲ ਜੁੜੀ ਆਮਦਨ ਦਾ ਜ਼ਿਕਰ ਕੀਤਾ ਹੈ।