ਸੰਤ ਸੀਚੇਵਾਲ ਨੇ ਮੰਗੀ ਸੁਰੱਖਿਆ ਵਾਪਸੀ, ਕਿਹਾ- ‘ਸੁਰੱਖਿਆ ਜਵਾਨ ਲੋਕਾਂ ਦੀ ਹਿਫਾਜ਼ਤ ਲਈ ਥਾਣਿਆਂ ਵਿੱਚ ਤਾਇਨਾਤ ਕੀਤੇ ਜਾਣ’

ਜਲੰਧਰ: ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (DGP) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਇਸ ਲਈ ਉਨ੍ਹਾਂ ਨਾਲ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਲੋਕਾਂ ਦੀ ਸੁਰੱਖਿਆ ਲਈ ਥਾਣਿਆਂ ਵਿੱਚ ਭੇਜਿਆ ਜਾਵੇ।
ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਲੋਹੀਆਂ ਖਾਸ ਅਤੇ ਸੁਲਤਾਨਪੁਰ ਲੋਧੀ ਇਲਾਕਿਆਂ ਵਿੱਚ ਲੁੱਟ-ਖੋਹ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਸੁਰੱਖਿਆ ਜਵਾਨਾਂ ਦੀ ਲੋੜ ਆਮ ਲੋਕਾਂ ਦੀ ਰੱਖਿਆ ਲਈ ਵਧੇਰੇ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ 6 ਜਵਾਨਾਂ ਵਿੱਚੋਂ 3 ਜਵਾਨ ਲੋਹੀਆਂ ਖਾਸ ਥਾਣੇ ਅਤੇ 3 ਜਵਾਨ ਸੁਲਤਾਨਪੁਰ ਲੋਧੀ ਥਾਣੇ ਵਿੱਚ ਤਾਇਨਾਤ ਕੀਤੇ ਜਾਣ।
ਰਾਜ ਸਭਾ ਮੈਂਬਰ ਨੇ ਕਿਹਾ ਕਿ ਉਹ ਪਹਿਲਾਂ ਵੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਚੁੱਕੇ ਹਨ ਅਤੇ ਪੁਲਿਸ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਕੋਈ ਖ਼ਤਰਾ ਨਹੀਂ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।
ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਦੀ ਸੁਰੱਖਿਆ ਨਾਲੋਂ ਲੋਕਾਂ ਦੀ ਸੁਰੱਖਿਆ ਜ਼ਿਆਦਾ ਮਹੱਤਵਪੂਰਨ ਹੈ। ਇਸ ਲਈ ਉਨ੍ਹਾਂ ਨੇ DGP ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨਾਲ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਤੁਰੰਤ ਹਟਾ ਕੇ ਥਾਣਿਆਂ ਵਿੱਚ ਭੇਜਿਆ ਜਾਵੇ, ਤਾਂ ਜੋ ਇਹ ਜਵਾਨ ਲੋਕਾਂ ਦੀ ਸੁਰੱਖਿਆ ਲਈ ਆਪਣੀ ਡਿਊਟੀ ਨਿਭਾ ਸਕਣ।