ਖ਼ਾਲੜਾ ਕਤਲ ਮਾਮਲੇ ’ਤੇ ਪਰਮਜੀਤ ਕੌਰ ਖ਼ਾਲੜਾ ਨੇ ਸਰਕਾਰ ਨੂੰ ਘੇਰਿਆ, ਕਿਹਾ- ‘ਤਿੰਨ ਹਫ਼ਤਿਆਂ ਬਾਅਦ ਵੀ ਨਹੀਂ ਮਿਲਿਆ ਜਵਾਬ’

ਚੰਡੀਗੜ੍ਹ: ਮਨੁੱਖੀ ਅਧਿਕਾਰ ਕਾਰਕੁਨ ਅਤੇ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਖ਼ਾਲੜਾ ਨੇ ਸ਼ਹੀਦ ਜਸਵੰਤ ਸਿੰਘ ਖ਼ਾਲੜਾ ਦੇ ਕਤਲ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮਾਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਉਣ ਦੇ ਤਿੰਨ ਹਫ਼ਤੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ।
ਬੀਬੀ ਖ਼ਾਲੜਾ ਨੇ ਸੋਸ਼ਲ ਮੀਡੀਆ ਪਲੇਟਫਾਰਮ &lsquoਐਕਸ&rsquo &rsquoਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਟੈਗ ਕਰਦਿਆਂ ਕਿਹਾ ਕਿ ਜਸਵੰਤ ਸਿੰਘ ਖ਼ਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਪੁਲਿਸ ਮੁਲਾਜ਼ਮਾਂ ਬਾਰੇ ਜਾਣਕਾਰੀ ਸਾਹਮਣੇ ਆਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਾਬਕਾ ਡੀਐੱਸਪੀ ਜਸਪਾਲ ਸਿੰਘ, ਸਬ-ਇੰਸਪੈਕਟਰ ਸਤਨਾਮ ਸਿੰਘ ਅਤੇ ਜਸਬੀਰ ਸਿੰਘ ਨਾਲ ਜੁੜੇ ਮਾਮਲੇ ਵਿੱਚ ਲੋਕਾਂ ਨੂੰ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਕੀਤਾ ਕਿ ਸਜ਼ਾ ਭੁਗਤ ਰਹੇ ਦੋਸ਼ੀਆਂ ਦੀ ਰਿਹਾਈ ਜਾਂ ਫ਼ਰਾਰੀ ਸਬੰਧੀ ਸਥਿਤੀ ਬਾਰੇ ਸਰਕਾਰ ਚੁੱਪ ਕਿਉਂ ਹੈ।
ਪਰਮਜੀਤ ਕੌਰ ਖ਼ਾਲੜਾ ਨੇ ਕਿਹਾ ਕਿ ਪੀੜਤ ਪਰਿਵਾਰ ਅਤੇ ਪੰਜਾਬ ਦੇ ਲੋਕ ਇਸ ਮਾਮਲੇ ਵਿੱਚ ਸੱਚਾਈ ਜਾਣਨ ਦੇ ਹੱਕਦਾਰ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਮਾਮਲੇ &rsquoਤੇ ਆਪਣਾ ਪੱਖ ਸਪੱਸ਼ਟ ਕਰੇ ਅਤੇ ਜ਼ਿੰਮੇਵਾਰ ਵਿਅਕਤੀਆਂ ਬਾਰੇ ਜਾਣਕਾਰੀ ਜਨਤਕ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਖ਼ਾਲੜਾ ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਵਿੱਚ ਸਰਗਰਮ ਰਹੇ ਸਨ ਅਤੇ 1995 ਵਿੱਚ ਉਨ੍ਹਾਂ ਦੇ ਲਾਪਤਾ ਹੋਣ ਅਤੇ ਕਤਲ ਦਾ ਮਾਮਲਾ ਪੰਜਾਬ ਦੇ ਇਤਿਹਾਸ ਦਾ ਇੱਕ ਚਰਚਿਤ ਮਾਮਲਾ ਰਿਹਾ ਹੈ।