CJP ਦੀ ਚਿਤਾਵਨੀ: ਪ੍ਰਦਰਸ਼ਨਕਾਰੀਆਂ ਦੀ ਰਿਹਾਈ ਅਤੇ ਕੇਸ ਵਾਪਸੀ ਨਾ ਹੋਈ ਤਾਂ ਮੁੜ ਅੰਦੋਲਨ ਦਾ ਐਲਾਨ

ਨਵੀਂ ਦਿੱਲੀ: ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਵਾਲੀ ਕੌਕਰੇਚ ਜਨਤਾ ਪਾਰਟੀ (CJP) ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਨਾ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਦਰਜ ਮਾਮਲੇ ਵਾਪਸ ਨਾ ਲਏ ਗਏ ਤਾਂ ਜਥੇਬੰਦੀ ਮੁੜ ਵੱਡਾ ਅੰਦੋਲਨ ਸ਼ੁਰੂ ਕਰੇਗੀ।

CJP ਆਗੂਆਂ ਨੇ ਦੋਸ਼ ਲਗਾਇਆ ਕਿ ਅਸਾਮ, ਬਿਹਾਰ ਅਤੇ ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ਵਿੱਚ ਪੁਲਿਸ ਵੱਲੋਂ ਪ੍ਰਦਰਸ਼ਨਾਂ ਨਾਲ ਜੁੜੇ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ।

ਜਥੇਬੰਦੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਲੋਕਤੰਤਰਿਕ ਅਧਿਕਾਰਾਂ ਦੇ ਵਿਰੁੱਧ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਦਰਜ ਕੀਤੀਆਂ ਐੱਫਆਈਆਰਜ਼ ਰੱਦ ਕੀਤੀਆਂ ਜਾਣ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਜੇ.ਪੀ. ਨੱਡਾ ਅਤੇ ਡਾ. ਜਿਤੇਂਦਰ ਸਿੰਘ ਨਾਲ ਹੋਈ ਗੱਲਬਾਤ ਤੋਂ ਬਾਅਦ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੋਈ ਸਖ਼ਤ ਜਾਂ ਸਜ਼ਾਯੋਗ ਕਾਰਵਾਈ ਨਹੀਂ ਕੀਤੀ ਜਾਵੇਗੀ।

ਹੁਣ CJP ਨੇ ਕਿਹਾ ਹੈ ਕਿ ਜੇਕਰ ਸਰਕਾਰ ਆਪਣੇ ਵਾਅਦੇ ਨੂੰ ਪੂਰਾ ਨਹੀਂ ਕਰਦੀ ਤਾਂ ਉਹ ਵਿਦਿਆਰਥੀਆਂ ਦੇ ਹੱਕਾਂ ਲਈ ਮੁੜ ਸੰਘਰਸ਼ ਦਾ ਰਾਹ ਅਪਣਾਉਣਗੇ।