- ਸਿੱਖ ਇਤਿਹਾਸ ਦਾ ਵੱਡਾ ਹਿੱਸਾ ਅੱਜ ਵੀ ਪਾਕਿਸਤਾਨ ਦੀ ਧਰਤੀ ਨਾਲ ਜੁੜਿਆ ਹੋਇਆ ਹੈ। ਸ੍ਰੀ ਨਨਕਾਣਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ ਅਤੇ ਹੋਰ ਅਨੇਕਾਂ ਇਤਿਹਾਸਕ ਗੁਰਧਾਮ ਸਿੱਖ ਧਰਮ ਦੇ ਸੁਨਹਿਰੀ ਇਤਿਹਾਸ ਦੇ ਮੌਨ ਗਵਾਹ ਹਨ। ਵੰਡ ਤੋਂ ਬਾਅਦ ਲੰਬੇ ਸਮੇਂ ਤੱਕ ਅਣਗੌਲੇ ਰਹੇ ਇਨ੍ਹਾਂ ਗੁਰਧਾਮਾਂ ਦੀ ਸੰਭਾਲ ਅਤੇ ਬਹਾਲੀ ਲਈ ਹੁਣ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।
ਇੰਗਲੈਂਡ ਦੌਰੇ ਦੌਰਾਨ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪ੍ਰੋ. ਸਤਵੰਤ ਕੌਰ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਵਿਰਾਸਤ ਦੀ ਸੰਭਾਲ ਸਿਰਫ਼ ਇਮਾਰਤਾਂ ਦੀ ਮੁਰੰਮਤ ਤੱਕ ਸੀਮਤ ਨਹੀਂ, ਸਗੋਂ ਗੁਰੂ ਸਾਹਿਬਾਨ ਨਾਲ ਜੁੜੇ ਇਤਿਹਾਸ, ਧਾਰਮਿਕ ਪਰੰਪਰਾਵਾਂ ਅਤੇ ਸੱਭਿਆਚਾਰਕ ਵਿਰਸੇ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਸੁਰੱਖਿਅਤ ਪਹੁੰਚਾਉਣ ਦਾ ਇੱਕ ਵੱਡਾ ਮਿਸ਼ਨ ਹੈ।
ਉਨ੍ਹਾਂ ਦੱਸਿਆ ਕਿ ਇਸ ਵੇਲੇ ਪਾਕਿਸਤਾਨ ਦੇ 21 ਗੁਰਦੁਆਰਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋ ਰਿਹਾ ਹੈ, ਜਦਕਿ 18 ਹੋਰ ਇਤਿਹਾਸਕ ਗੁਰਧਾਮਾਂ ਦੀ ਸੰਭਾਲ, ਮੁਰੰਮਤ ਅਤੇ ਬਹਾਲੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਧਾਮਾਂ ਦੇ ਮੂਲ ਇਤਿਹਾਸਕ ਸਰੂਪ ਨੂੰ ਬਰਕਰਾਰ ਰੱਖਣਾ ਕਮੇਟੀ ਦੀ ਪਹਿਲੀ ਤਰਜੀਹ ਹੈ ਅਤੇ ਹਰ ਬਹਾਲੀ ਕਾਰਜ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ਕਿ ਇਤਿਹਾਸਕ ਪਛਾਣ ਨੂੰ ਕੋਈ ਨੁਕਸਾਨ ਨਾ ਪਹੁੰਚੇ।
ਪ੍ਰੋ. ਸਤਵੰਤ ਕੌਰ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ 1971 ਵਿੱਚ ਪਾਕਿਸਤਾਨ ਜਾ ਕੇ ਵੱਸਿਆ ਸੀ। ਉਸ ਸਮੇਂ ਸਿੱਖ ਭਾਈਚਾਰੇ ਨੂੰ ਧਾਰਮਿਕ ਸਹੂਲਤਾਂ ਦੀ ਕਾਫ਼ੀ ਘਾਟ ਸੀ ਅਤੇ ਗਿਣਤੀ ਦੇ ਗੁਰਦੁਆਰਿਆਂ ਵਿੱਚ ਹੀ ਧਾਰਮਿਕ ਗਤੀਵਿਧੀਆਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ 1999 ਤੱਕ ਪਾਕਿਸਤਾਨ ਵਿੱਚ ਸਿਰਫ਼ ਤਿੰਨ ਗੁਰਦੁਆਰਿਆਂ ਵਿੱਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਸੀ, ਪਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਤੋਂ ਬਾਅਦ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਰਕਾਰ ਦੇ ਸਹਿਯੋਗ ਨਾਲ ਹਾਲਾਤਾਂ ਵਿੱਚ ਵੱਡਾ ਬਦਲਾਅ ਆਇਆ। ਕਈ ਸਾਲਾਂ ਤੋਂ ਬੰਦ ਪਏ ਇਤਿਹਾਸਕ ਗੁਰਦੁਆਰਿਆਂ ਨੂੰ ਮੁੜ ਖੋਲ੍ਹਿਆ ਗਿਆ ਅਤੇ ਅੱਜ ਇਹ ਗਿਣਤੀ ਵਧ ਕੇ 21 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਪਾਕਿਸਤਾਨ ਵਿੱਚ ਇਸ ਸਮੇਂ ਕਰੀਬ 15 ਹਜ਼ਾਰ ਸਿੱਖ ਵੱਸਦੇ ਹਨ, ਪਰ ਗੁਰੂ ਸਾਹਿਬਾਨ ਨਾਲ ਸਬੰਧਤ ਬਹੁਤ ਵੱਡੀ ਗਿਣਤੀ ਵਿੱਚ ਇਤਿਹਾਸਕ ਗੁਰਧਾਮ ਉੱਥੇ ਸਥਿਤ ਹਨ। ਇਸ ਲਈ ਇਨ੍ਹਾਂ ਦੀ ਸੰਭਾਲ ਸਿਰਫ਼ ਪਾਕਿਸਤਾਨ ਵਿੱਚ ਰਹਿੰਦੇ ਸਿੱਖਾਂ ਦੀ ਨਹੀਂ, ਸਗੋਂ ਸਮੁੱਚੇ ਵਿਸ਼ਵ ਸਿੱਖ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਅਤੇ ਘੱਟ ਗਿਣਤੀ ਮਾਮਲਿਆਂ ਨਾਲ ਸਬੰਧਤ ਵਿਭਾਗ ਵੀ ਇਸ ਕਾਰਜ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ।
ਪੰਜਾਬੀ ਭਾਸ਼ਾ ਦੇ ਭਵਿੱਖ ਬਾਰੇ ਗੱਲ ਕਰਦਿਆਂ ਪ੍ਰੋ. ਸਤਵੰਤ ਕੌਰ ਨੇ ਕਿਹਾ ਕਿ ਪਾਕਿਸਤਾਨੀ ਪੰਜਾਬ ਵਿੱਚ ਪੰਜਾਬੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ, ਪਰ ਸਿੱਖਿਆ ਪ੍ਰਣਾਲੀ ਵਿੱਚ ਇਸ ਨੂੰ ਬਣਦਾ ਸਥਾਨ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬੀ ਨੂੰ ਨਰਸਰੀ ਅਤੇ ਪ੍ਰਾਇਮਰੀ ਜਮਾਤਾਂ ਤੋਂ ਲਾਜ਼ਮੀ ਤੌਰ 'ਤੇ ਪੜ੍ਹਾਇਆ ਜਾਣਾ ਚਾਹੀਦਾ ਹੈ, ਤਾਂ ਜੋ ਨਵੀਂ ਪੀੜ੍ਹੀ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਇਤਿਹਾਸ ਨਾਲ ਹੋਰ ਮਜ਼ਬੂਤੀ ਨਾਲ ਜੁੜ ਸਕੇ।
ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿੱਚ ਪੰਜਾਬੀ ਮੁੱਖ ਤੌਰ 'ਤੇ ਸ਼ਾਹਮੁਖੀ ਲਿਪੀ ਵਿੱਚ ਲਿਖੀ ਜਾਂਦੀ ਹੈ, ਜਦਕਿ ਸਿੱਖ ਪਰਿਵਾਰ ਆਪਣੇ ਬੱਚਿਆਂ ਨੂੰ ਗੁਰਮੁਖੀ ਦੀ ਸਿੱਖਿਆ ਵੀ ਦਿੰਦੇ ਹਨ। ਵੱਖ-ਵੱਖ ਗੁਰਦੁਆਰਿਆਂ ਵਿੱਚ ਹਫ਼ਤੇ ਦੇ ਅੰਤਲੇ ਦਿਨਾ ਚ ਬੱਚਿਆਂ ਲਈ ਵਿਸ਼ੇਸ਼ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਗੁਰਮੁਖੀ, ਗੁਰਬਾਣੀ ਪਾਠ, ਕੀਰਤਨ, ਸਿੱਖ ਇਤਿਹਾਸ ਅਤੇ ਰਹਿਤ-ਮਰਿਆਦਾ ਦੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਯਤਨ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਧਰਮ ਪਰਿਵਰਤਨ ਨਾਲ ਜੁੜੇ ਮਾਮਲਿਆਂ ਬਾਰੇ ਪ੍ਰੋ. ਸਤਵੰਤ ਕੌਰ ਨੇ ਕਿਹਾ ਕਿ ਕੁਝ ਇਕੱਲੀਆਂ ਘਟਨਾਵਾਂ ਨੂੰ ਪੂਰੇ ਸਿੱਖ ਭਾਈਚਾਰੇ ਦੀ ਸਥਿਤੀ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ 'ਤੇ ਜ਼ਬਰਦਸਤੀ ਧਰਮ ਪਰਿਵਰਤਨ ਦਾ ਦਬਾਅ ਨਹੀਂ ਹੋਣਾ ਚਾਹੀਦਾ ਅਤੇ ਹਰ ਮਾਮਲੇ ਵਿੱਚ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦਾ ਇੱਕ ਮਹੱਤਵਪੂਰਨ ਉਦੇਸ਼ ਸਿੱਖ ਔਰਤਾਂ ਦੀ ਸਿੱਖਿਆ, ਸੁਰੱਖਿਆ, ਧਾਰਮਿਕ ਭਾਗੀਦਾਰੀ ਅਤੇ ਸਮਾਜਿਕ ਸਸ਼ਕਤੀਕਰਨ ਨਾਲ ਜੁੜੇ ਮਸਲਿਆਂ ਨੂੰ ਅੱਗੇ ਲਿਆਉਣਾ ਵੀ ਹੈ। ਇਨ੍ਹਾਂ ਮਸਲਿਆਂ ਦੇ ਹੱਲ ਲਈ ਸਬੰਧਤ ਸਰਕਾਰੀ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਿਆ ਜਾ ਰਿਹਾ ਹੈ।
ਪ੍ਰੋ. ਸਤਵੰਤ ਕੌਰ ਨੇ ਯੂਕੇ, ਕੈਨੇਡਾ, ਅਮਰੀਕਾ ਅਤੇ ਹੋਰ ਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੀ ਸੰਭਾਲ, ਖੋਜ, ਦਸਤਾਵੇਜ਼ਾਂ ਦੀ ਰੱਖਿਆ ਅਤੇ ਧਾਰਮਿਕ ਸਾਹਿਤ ਦੇ ਸੰਭਾਲ ਕਾਰਜ ਵਿੱਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਿੱਖ ਵਿਰਾਸਤ ਕਿਸੇ ਇੱਕ ਦੇਸ਼ ਜਾਂ ਸੰਸਥਾ ਦੀ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੀ ਸਾਂਝੀ ਧਰੋਹਰ ਹੈ, ਜਿਸ ਦੀ ਰਾਖੀ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਵਿਸਾਖੀ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਰਤ ਸਮੇਤ ਦੁਨੀਆ ਭਰ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚਦੇ ਹਨ। ਇਹ ਯਾਤਰਾਵਾਂ ਨਾ ਸਿਰਫ਼ ਆਸਥਾ ਦਾ ਪ੍ਰਤੀਕ ਹਨ, ਸਗੋਂ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝੀ ਵਿਰਾਸਤ ਨੂੰ ਵੀ ਹੋਰ ਮਜ਼ਬੂਤ ਕਰਦੀਆਂ ਹਨ।
ਗੱਲਬਾਤ ਦੇ ਅੰਤ ਵਿੱਚ ਪ੍ਰੋ. ਸਤਵੰਤ ਕੌਰ ਨੇ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਵਿੱਚ ਭਾਸ਼ਾ, ਸੱਭਿਆਚਾਰ, ਰਹਿਣ-ਸਹਿਣ ਅਤੇ ਇਤਿਹਾਸ ਦੀ ਡੂੰਘੀ ਸਾਂਝ ਅੱਜ ਵੀ ਕਾਇਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸਿੱਖ ਵਿਰਾਸਤ ਦੀ ਸੰਭਾਲ ਲਈ ਆਪਸੀ ਸਹਿਯੋਗ, ਸੰਵਾਦ ਅਤੇ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ, ਤਾਂ ਜੋ ਗੁਰੂ ਸਾਹਿਬਾਨ ਦੀ ਇਹ ਅਨਮੋਲ ਧਰੋਹਰ ਆਉਣ ਵਾਲੀਆਂ ਪੀੜ੍ਹੀਆਂ ਤੱਕ ਆਪਣੀ ਅਸਲੀ ਸ਼ਾਨ ਅਤੇ ਸਰੂਪ ਨਾਲ ਸੁਰੱਖਿਅਤ ਪਹੁੰਚ ਸਕੇ।