ਬੇਅਦਬੀ ਕਾਨੂੰਨ 'ਚ ਸੋਧਾਂ ਲਈ ਸਰਕਾਰ ਤਿਆਰ, ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ ਨੂੰ ਕੀਤਾ ਜਾਵੇਗਾ ਸ਼ਾਮਲ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਤੇ ਸੁਝਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਸਹਿਮਤ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਕੰਗ ਨੇ ਦੱਸਿਆ ਕਿ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਖਰੜਾ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪੇਸ਼ ਕੀਤਾ ਗਿਆ ਸੀ ਅਤੇ ਹੁਣ ਪ੍ਰਾਪਤ ਸੁਝਾਵਾਂ ਦੇ ਆਧਾਰ 'ਤੇ ਕਾਨੂੰਨ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸੋਧਾਂ ਤਹਿਤ ਕਾਨੂੰਨ ਵਿੱਚ "ਬੀੜ" ਸ਼ਬਦ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਿਸੇ ਅਣਸੁਖਾਵੀਂ ਘਟਨਾ ਤੋਂ ਬਾਅਦ ਸਬੰਧਤ ਕਸਟੋਡੀਅਨ ਦੀ ਗ੍ਰਿਫ਼ਤਾਰੀ ਤੁਰੰਤ ਨਹੀਂ ਕੀਤੀ ਜਾਵੇਗੀ, ਸਗੋਂ ਐੱਸਪੀ ਜਾਂ ਡੀਐੱਸਪੀ ਪੱਧਰ ਦੇ ਅਧਿਕਾਰੀ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਹੋਵੇਗੀ।
ਮਲਵਿੰਦਰ ਕੰਗ ਨੇ ਕਿਹਾ ਕਿ ਅਜਿਹੇ ਮਾਮਲਿਆਂ ਦੀ ਜਾਂਚ 30 ਤੋਂ 45 ਦਿਨਾਂ ਦੇ ਅੰਦਰ ਪੂਰੀ ਕਰਨ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਨੁਮਾਇੰਦਿਆਂ ਨਾਲ ਵੀ ਲੋੜ ਅਨੁਸਾਰ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਾਵਨ ਸਰੂਪਾਂ ਲਈ ਯੂਨੀਕ ਆਈ.ਡੀ. ਨੰਬਰ ਜਾਰੀ ਕਰਨ ਦੀ ਜ਼ਿੰਮੇਵਾਰੀ ਐੱਸਜੀਪੀਸੀ ਕੋਲ ਹੀ ਰਹੇਗੀ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਿਨਾਂ ਅਧਿਕਾਰ ਛਪਾਈ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੰਗ ਨੇ ਕਿਹਾ ਕਿ ਸਰਕਾਰ ਦਾ ਮਕਸਦ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣਾ ਹੈ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਨੂੰ ਕੌਮੀ ਪੱਧਰ 'ਤੇ ਪ੍ਰਭਾਵਸ਼ਾਲੀ ਕਾਨੂੰਨੀ ਰੂਪ ਦੇਣ ਲਈ ਕੇਂਦਰ ਸਰਕਾਰ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।