ਚੰਡੀਗੜ੍ਹ ਮਾਰਚ ਮਾਮਲਾ: ਮਨਪ੍ਰੀਤ ਸਿੰਘ ਇਆਲੀ ਸਮੇਤ 15 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੱਢੇ ਗਏ ਮਾਰਚ ਦੌਰਾਨ ਹੋਈ ਝੜਪ ਦੇ ਮਾਮਲੇ ਵਿੱਚ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਆਗੂ ਮਨਪ੍ਰੀਤ ਸਿੰਘ ਇਆਲੀ ਸਮੇਤ 15 ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ।
ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਮਨਪ੍ਰੀਤ ਸਿੰਘ ਇਆਲੀ ਤੋਂ ਇਲਾਵਾ ਸਤਿੰਦਰਜੀਤ ਸਿੰਘ ਗਿੱਲ, ਕਾਬਲ ਸਿੰਘ ਭੁੱਲਰ, ਪਰਮਜੀਤ ਸਿੰਘ ਜੋਹਲ, ਚਮਕੌਰ ਸਿੰਘ ਧੁੰਨ ਅਤੇ ਇਮਾਨ ਸਿੰਘ ਖਾਰਾ ਸਮੇਤ ਹੋਰ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ।
ਪੁਲਿਸ ਦਾ ਦਾਅਵਾ ਹੈ ਕਿ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਧੱਕਾ-ਮੁੱਕੀ ਅਤੇ ਝੜਪ ਵਿੱਚ ਕਈ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕਰਕੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ।
ਦੂਜੇ ਪਾਸੇ, ਪ੍ਰਦਰਸ਼ਨਕਾਰੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵੱਲ ਮਾਰਚ ਕੀਤਾ ਗਿਆ ਸੀ, ਜਿਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਕਈ ਥਾਵਾਂ 'ਤੇ ਬੈਰੀਕੇਡਿੰਗ ਅਤੇ ਵਾਧੂ ਫੋਰਸ ਤਾਇਨਾਤ ਕੀਤੀ ਹੋਈ ਸੀ।