ਦਿੱਲੀ 'ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੋਵੇਗੀ, ਸਰਕਾਰ ਨੇ ਜਾਰੀ ਕੀਤੇ ਹੁਕਮ

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਰਾਜਧਾਨੀ ਵਿੱਚ ਹਾਲ ਹੀ ਦੌਰਾਨ ਹੋਏ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਸਰਕਾਰੀ ਹੁਕਮਾਂ ਅਨੁਸਾਰ, ਪ੍ਰਦਰਸ਼ਨਾਂ ਵਿੱਚ ਸ਼ਾਮਲ ਆਮ ਲੋਕਾਂ ਖ਼ਿਲਾਫ਼ ਦਿੱਲੀ ਪੁਲੀਸ ਵੱਲੋਂ ਕੋਈ ਸਖ਼ਤ ਜਾਂ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ।
ਹਾਲਾਂਕਿ, ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ ਜਾਂ ਜਿਨ੍ਹਾਂ ਦਾ ਨਾਮ ਗੰਭੀਰ ਅਪਰਾਧਿਕ ਮਾਮਲਿਆਂ ਨਾਲ ਜੁੜਿਆ ਹੋਇਆ ਹੈ, ਉਨ੍ਹਾਂ ਨੂੰ ਇਸ ਛੋਟ ਦਾ ਲਾਭ ਨਹੀਂ ਮਿਲੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ।
ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਪ੍ਰਦਰਸ਼ਨਾਂ ਦੌਰਾਨ ਕਿਸੇ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਲਿਆ ਗਿਆ ਹੈ ਤਾਂ ਉਨ੍ਹਾਂ ਦੇ ਮਾਮਲਿਆਂ ਦੀ ਤੁਰੰਤ ਸਮੀਖਿਆ ਕੀਤੀ ਜਾਵੇਗੀ। ਜਿਨ੍ਹਾਂ ਖ਼ਿਲਾਫ਼ ਕੋਈ ਗੰਭੀਰ ਦੋਸ਼ ਨਹੀਂ ਬਣਦੇ, ਉਨ੍ਹਾਂ ਦੀ ਰਿਹਾਈ ਦੀ ਪ੍ਰਕਿਰਿਆ ਨੂੰ ਵੀ ਤੇਜ਼ ਕੀਤਾ ਜਾਵੇਗਾ।
ਸਰਕਾਰ ਦਾ ਕਹਿਣਾ ਹੈ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਲੋਕਤੰਤਰ ਦਾ ਹਿੱਸਾ ਹਨ, ਪਰ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਜਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਜਾਰੀ ਰਹੇਗੀ।