ਕੈਨੇਡਾ 'ਚ ਸੈਂਕੜੇ ਭਾਰਤੀ ਵਿਦਿਆਰਥੀਆਂ ਲਈ ਵਧੀਆਂ ਮੁਸ਼ਕਲਾਂ, ਵਰਕ ਪਰਮਿਟ ਰੱਦ ਹੋਣ ਕਾਰਨ ਭਵਿੱਖ ਅਣਿਸ਼ਚਿਤ

ਕੈਲਗਿਰੀ (ਕੈਨੇਡਾ): ਕੈਨੇਡਾ ਵਿੱਚ ਪੜ੍ਹਾਈ ਪੂਰੀ ਕਰ ਚੁੱਕੇ ਕਈ ਭਾਰਤੀ ਵਿਦਿਆਰਥੀਆਂ ਨੂੰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਅਰਜ਼ੀਆਂ ਰੱਦ ਹੋਣ ਕਾਰਨ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਭਾਵਿਤ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਰਕ ਪਰਮਿਟ ਨਾ ਮਿਲਣ ਨਾਲ ਉਨ੍ਹਾਂ ਦਾ ਕੈਨੇਡਾ ਵਿੱਚ ਕਾਨੂੰਨੀ ਦਰਜਾ ਵੀ ਖਤਰੇ ਵਿੱਚ ਪੈ ਸਕਦਾ ਹੈ।
ਅਲਬਰਟਾ ਸੂਬੇ ਦੇ ਕੈਲਗਿਰੀ ਸ਼ਹਿਰ ਵਿੱਚ ਪ੍ਰਭਾਵਿਤ ਵਿਦਿਆਰਥੀ ਪਿਛਲੇ ਕੁਝ ਹਫ਼ਤਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਦਾਅਵਾ ਹੈ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ ਹੋਈਆਂ ਹਨ, ਜਿਨ੍ਹਾਂ ਵਿੱਚ ਕਈ ਪੰਜਾਬੀ ਵਿਦਿਆਰਥੀ ਵੀ ਸ਼ਾਮਲ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭਾਰੀ ਫੀਸਾਂ ਅਦਾ ਕਰਕੇ ਪੜ੍ਹਾਈ ਪੂਰੀ ਕੀਤੀ, ਪਰ ਹੁਣ ਕੁਝ ਕੋਰਸਾਂ ਨੂੰ ਯੋਗਤਾ ਮਾਪਦੰਡਾਂ ਅਨੁਸਾਰ ਸਵੀਕਾਰ ਨਾ ਕਰਨ ਕਾਰਨ ਉਨ੍ਹਾਂ ਨੂੰ ਵਰਕ ਪਰਮਿਟ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ।
ਪ੍ਰਭਾਵਿਤ ਵਿਦਿਆਰਥੀਆਂ ਦਾ ਇਹ ਵੀ ਕਹਿਣਾ ਹੈ ਕਿ ਕੁਝ ਸਹਿਪਾਠੀਆਂ ਨੂੰ ਵਰਕ ਪਰਮਿਟ ਜਾਰੀ ਹੋਏ, ਜਦਕਿ ਸਮਾਨ ਹਾਲਾਤ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ। ਇਸ ਕਾਰਨ ਕਈ ਵਿਦਿਆਰਥੀ ਮਾਨਸਿਕ ਤਣਾਅ, ਆਰਥਿਕ ਦਬਾਅ ਅਤੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਹਨ। ਵਰਕ ਪਰਮਿਟ ਨਾ ਮਿਲਣ ਕਾਰਨ ਕਈਆਂ ਦੇ ਕੰਮ ਕਰਨ ਦੇ ਅਧਿਕਾਰ ਅਤੇ ਹੋਰ ਸੇਵਾਵਾਂ 'ਤੇ ਵੀ ਅਸਰ ਪੈਣ ਦੀ ਗੱਲ ਸਾਹਮਣੇ ਆ ਰਹੀ ਹੈ।
ਇਸ ਦੌਰਾਨ ਕੈਲਗਿਰੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। ਕਮੇਟੀ ਨੇ ਕਿਹਾ ਹੈ ਕਿ ਲੋੜਵੰਦ ਵਿਦਿਆਰਥੀਆਂ ਲਈ ਲੰਗਰ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਇਮੀਗ੍ਰੇਸ਼ਨ ਮਾਹਿਰਾਂ ਨੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਕੇਸ ਦੀ ਕਾਨੂੰਨੀ ਸਥਿਤੀ ਦਾ ਮੁਲਾਂਕਣ ਕਰਵਾਉਣ ਅਤੇ ਲੋੜ ਪੈਣ 'ਤੇ ਫੈਡਰਲ ਕੋਰਟ ਵਿੱਚ ਅਪੀਲ ਜਾਂ ਹੋਰ ਉਪਲਬਧ ਕਾਨੂੰਨੀ ਵਿਕਲਪਾਂ ਬਾਰੇ ਮਾਹਿਰਾਂ ਨਾਲ ਸਲਾਹ ਕਰਨ। ਨਾਲ ਹੀ, ਜਿਨ੍ਹਾਂ ਲਈ ਇਹ ਸੰਭਵ ਹੋਵੇ, ਉਹ ਆਪਣੇ ਵਿਦਿਆਰਥੀ ਦਰਜੇ ਨੂੰ ਕਾਇਮ ਰੱਖਣ ਲਈ ਮਾਨਤਾ ਪ੍ਰਾਪਤ ਸੰਸਥਾ ਵਿੱਚ ਅਗਲੀ ਪੜ੍ਹਾਈ ਦੇ ਵਿਕਲਪ ਵੀ ਵੇਖ ਸਕਦੇ ਹਨ।