‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 40 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਜਾਰੀ, ਸੀਐੱਮ ਮਾਨ ਬੋਲੇ—ਵਾਅਦੇ ਨਿਭਾਉਣਾ ਸਾਡੀ ਪਛਾਣ

ਚੰਡੀਗੜ੍ਹ: ਪੰਜਾਬ ਸਰਕਾਰ ਨੇ &lsquoਮਾਵਾਂ-ਧੀਆਂ ਸਤਿਕਾਰ ਯੋਜਨਾ&rsquo ਅਧੀਨ ਸੂਬੇ ਦੀਆਂ ਕਰੀਬ 40 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਰਾਸ਼ੀ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਰਕਾਰ ਅਨੁਸਾਰ ਇਹ ਰਕਮ ਅਗਲੇ 24 ਘੰਟਿਆਂ ਦੇ ਅੰਦਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗੀ।
ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ (ਐੱਸਸੀ) ਦੀਆਂ ਮਹਿਲਾਵਾਂ ਨੂੰ 4,500 ਰੁਪਏ, ਜਦਕਿ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ 3,000 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਭਾਵੇਂ ਕਿਸੇ ਨੂੰ ਅਮੀਰ ਨਹੀਂ ਬਣਾਉਂਦੀ, ਪਰ ਮਹਿਲਾਵਾਂ ਨੂੰ ਆਪਣੀਆਂ ਘਰੇਲੂ ਲੋੜਾਂ, ਬੱਚਿਆਂ ਦੀ ਸਿੱਖਿਆ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਸਮਾਜਿਕ ਕਾਰਜਾਂ ਲਈ ਆਰਥਿਕ ਸਹਾਰਾ ਜ਼ਰੂਰ ਪ੍ਰਦਾਨ ਕਰਦੀ ਹੈ।
ਮੁੱਖ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਯੋਜਨਾ ਦੀ ਅਗਲੀ ਕਿਸ਼ਤ 1 ਸਤੰਬਰ ਨੂੰ ਜਾਰੀ ਕੀਤੀ ਜਾਵੇਗੀ, ਤਾਂ ਜੋ ਲਾਭਪਾਤਰੀਆਂ ਨੂੰ ਨਿਯਮਿਤ ਆਰਥਿਕ ਸਹਾਇਤਾ ਮਿਲਦੀ ਰਹੇ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਛਾਣ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੜਾਅਵਾਰ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਉਹੀ ਐਲਾਨ ਕਰਦੀ ਹੈ, ਜਿਨ੍ਹਾਂ ਨੂੰ ਅਮਲੀ ਰੂਪ ਦੇਣ ਦੀ ਸਮਰੱਥਾ ਰੱਖਦੀ ਹੈ।