ਕਰਤਾਰਪੁਰ ਲਾਂਘਾ ਜਲਦ ਖੋਲ੍ਹਿਆ ਜਾਵੇ, ਕੇਂਦਰ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਕਰੇ ਸਤਿਕਾਰ: ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਅਜੇ ਤੱਕ ਮੁੜ ਨਾ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਦੇ ਰੁਖ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਇਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਬਾਰੇ ਫ਼ੈਸਲਾ ਕਰਦੇ ਸਮੇਂ ਸੰਗਤ ਦੀਆਂ ਭਾਵਨਾਵਾਂ ਨੂੰ ਪਹਿਲ ਦੇਣੀ ਚਾਹੀਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਪਵਿੱਤਰ ਧਰਤੀ ਹੈ, ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਦੀਵੀ ਸੰਦੇਸ਼ ਦਿੱਤਾ। ਇਸ ਲਈ ਇਸ ਅਸਥਾਨ ਦੇ ਦਰਸ਼ਨ ਕਰਨਾ ਦੁਨੀਆ ਭਰ ਦੀ ਸਿੱਖ ਸੰਗਤ ਦੀ ਡੂੰਘੀ ਆਸਥਾ ਅਤੇ ਚਿਰੋਕਣੀ ਅਰਦਾਸ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਲਾਂਘੇ ਦੇ ਲੰਬੇ ਸਮੇਂ ਤੋਂ ਬੰਦ ਰਹਿਣ ਕਾਰਨ ਸ਼ਰਧਾਲੂਆਂ ਵਿੱਚ ਨਿਰਾਸ਼ਾ ਹੈ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਤਾਰਪੁਰ ਲਾਂਘਾ ਦੋਵੇਂ ਦੇਸ਼ਾਂ ਵਿਚਕਾਰ ਅਮਨ, ਆਪਸੀ ਸਾਂਝ ਅਤੇ ਧਾਰਮਿਕ ਸਦਭਾਵਨਾ ਦਾ ਪ੍ਰਤੀਕ ਹੈ ਅਤੇ ਇਸ ਨੂੰ ਖੁੱਲ੍ਹਾ ਰੱਖਣ ਲਈ ਯਤਨ ਹੋਣੇ ਚਾਹੀਦੇ ਹਨ।
ਐੱਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਯਕੀਨੀ ਬਣਾਉਣਾ ਹਰ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਨਾਗਰਿਕਾਂ ਦੀ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਉਤਨਾ ਹੀ ਮਹੱਤਵਪੂਰਨ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਤੋਂ ਜਲਦ ਮੁੜ ਖੋਲ੍ਹਣ ਬਾਰੇ ਸਕਾਰਾਤਮਕ ਫ਼ੈਸਲਾ ਲਿਆ ਜਾਵੇ।