ਸੁਰੱਖਿਆ ਹਾਲਾਤਾਂ ਕਾਰਨ ਕਰਤਾਰਪੁਰ ਲਾਂਘਾ ਫਿਲਹਾਲ ਨਹੀਂ ਖੁੱਲ੍ਹੇਗਾ, ਕੇਂਦਰ ਸਰਕਾਰ ਨੇ ਸੰਸਦ ਵਿੱਚ ਕੀਤਾ ਸਪੱਸ਼ਟ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਕਰਤਾਰਪੁਰ ਕਾਰੀਡੋਰ ਨੂੰ ਮੌਜੂਦਾ ਸਮੇਂ ਵਿੱਚ ਮੁੜ ਨਹੀਂ ਖੋਲ੍ਹਿਆ ਜਾ ਸਕਦਾ। ਸਰਕਾਰ ਨੇ ਇਸ ਦੇ ਪਿੱਛੇ ਮੌਜੂਦਾ ਸੁਰੱਖਿਆ ਸਥਿਤੀ ਨੂੰ ਮੁੱਖ ਕਾਰਨ ਦੱਸਿਆ ਹੈ।
ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਦੌਰਾਨ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ 2019 ਵਿੱਚ ਹੋਏ ਸਮਝੌਤੇ ਤਹਿਤ ਸ਼ਰਧਾਲੂਆਂ ਨੂੰ ਵੀਜ਼ਾ-ਮੁਕਤ ਤਰੀਕੇ ਨਾਲ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਗਈ ਸੀ। ਇਹ ਪਹਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਸੀ।
ਮੰਤਰੀ ਨੇ ਦੱਸਿਆ ਕਿ 22 ਅਪ੍ਰੈਲ 2025 ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਈ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਕਰਤਾਰਪੁਰ ਕਾਰੀਡੋਰ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਇਹ ਫ਼ੈਸਲਾ ਅਜੇ ਵੀ ਲਾਗੂ ਹੈ।
ਕੇਂਦਰ ਸਰਕਾਰ ਨੇ ਇਹ ਵੀ ਮੰਨਿਆ ਕਿ ਵੱਖ-ਵੱਖ ਸਿੱਖ ਧਾਰਮਿਕ ਸੰਸਥਾਵਾਂ ਅਤੇ ਸੰਗਠਨਾਂ ਵੱਲੋਂ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ, ਸਰਕਾਰ ਦਾ ਕਹਿਣਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮੇਂ ਲਾਂਘੇ ਨੂੰ ਮੁੜ ਬਹਾਲ ਕਰਨਾ ਸੰਭਵ ਨਹੀਂ ਹੈ।
ਸਰਕਾਰ ਦੇ ਇਸ ਜਵਾਬ ਤੋਂ ਬਾਅਦ ਕਰਤਾਰਪੁਰ ਕਾਰੀਡੋਰ ਨੂੰ ਦੁਬਾਰਾ ਖੋਲ੍ਹਣ ਦੀ ਉਡੀਕ ਕਰ ਰਹੀਆਂ ਸੰਗਤਾਂ ਵਿੱਚ ਨਿਰਾਸ਼ਾ ਦੇਖੀ ਜਾ ਰਹੀ ਹੈ, ਜਦਕਿ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਲਾਂਘਾ ਜਲਦ ਖੋਲ੍ਹਣ ਦੀ ਮੰਗ ਲਗਾਤਾਰ ਜਾਰੀ ਹੈ।