ਪੰਜਾਬ ਦੇ ਪੇਪਰ ਲੀਕ ਮਾਮਲਿਆਂ ਦੀ CBI ਜਾਂਚ ਦੀ ਮੰਗ, ਸੁਖਬੀਰ ਬਾਦਲ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਸਾਹਮਣੇ ਆਏ ਕਥਿਤ ਪੇਪਰ ਲੀਕ ਅਤੇ ਭਰਤੀ ਘਪਲਿਆਂ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।
ਵਫ਼ਦ ਵਿੱਚ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਅਤੇ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਸਨ। ਇਸ ਦੌਰਾਨ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਪੇਪਰ ਲੀਕ ਮਾਮਲਿਆਂ ਤੋਂ ਇਲਾਵਾ ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦਾ ਮੁੱਦਾ ਵੀ ਉਠਾਇਆ ਗਿਆ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਮੌਜੂਦਾ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਕਈ ਭਰਤੀ ਪ੍ਰੀਖਿਆਵਾਂ ਅਤੇ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ ਭਰਤੀ, ਦਸਵੀਂ ਅਤੇ ਬਾਰ੍ਹਵੀਂ ਦੇ ਪ੍ਰਸ਼ਨ ਪੱਤਰ, ਟੈੱਟ ਪ੍ਰੀਖਿਆ ਅਤੇ ਖੇਤੀ ਵਿਕਾਸ ਅਫ਼ਸਰਾਂ ਦੀ ਭਰਤੀ ਨਾਲ ਜੁੜੇ ਮਾਮਲਿਆਂ ਦੀ ਨਿਰਪੱਖ ਜਾਂਚ ਲਈ CBI ਨੂੰ ਜ਼ਿੰਮੇਵਾਰੀ ਸੌਂਪੀ ਜਾਣੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕੁਝ ਭਰਤੀ ਮਾਮਲਿਆਂ ਵਿੱਚ ਅਦਾਲਤਾਂ ਵੱਲੋਂ ਵੀ ਰੋਕ ਲਗਾਈ ਗਈ ਹੈ ਅਤੇ CBI ਜਾਂਚ ਨਾਲ ਸੱਚ ਸਾਹਮਣੇ ਆ ਸਕੇਗਾ। ਨਾਲ ਹੀ ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੀਆਂ ਸਰਕਾਰੀ ਨੌਕਰੀਆਂ ਵਿੱਚ ਬਾਹਰੀ ਰਾਜਾਂ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਸੁਖਬੀਰ ਬਾਦਲ ਨੇ ਸੰਬੰਧਿਤ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਨਿਆਂਇਕ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਕਥਿਤ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਪੁਲਿਸ ਕਾਰਵਾਈ ਨਾਲ ਸਬੰਧਿਤ ਕੁਝ ਤਸਵੀਰਾਂ ਵੀ ਜਨਤਕ ਕੀਤੀਆਂ, ਜਦਕਿ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸੰਸਦ ਵਿੱਚ ਪੰਜਾਬ ਦੇ ਪੇਪਰ ਲੀਕ ਮਾਮਲਿਆਂ ਦੀ CBI ਜਾਂਚ ਦੀ ਮੰਗ ਉਠਾਏ ਜਾਣ ਦਾ ਜ਼ਿਕਰ ਕੀਤਾ ਗਿਆ।