ਸਿੱਖਾਂ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ: ਗੜਗੱਜ

ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੇ ਕੋਟਕਪੂਰਾ ਪਹੁੰਚਣ &rsquoਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ੇਰ ਸਿੰਘ ਮੰਡਵਾਲਾ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਮਾਰਚ ਵਿੱਚ ਸ਼ਾਮਲ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਬੋਲਬਾਲਾ ਹੈ ਅਤੇ ਇੱਥੇ ਨਸ਼ਿਆਂ ਦੀ ਹੋਮ ਡਿਲੀਵਰੀ ਹੋ ਰਹੀ ਹੈ। ਪੰਜਾਬ ਵਿੱਚ ਸਿੱਖਾਂ ਦੀ ਘਟ ਰਹੀ ਆਬਾਦੀ &rsquoਤੇ ਚਿੰਤਾ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਹਨ। ਨਸ਼ਿਆਂ ਦੀ ਮਾਰ ਵਧ ਰਹੀ ਹੈ ਪਰ ਸਰਕਾਰਾਂ ਇਸ ਮਾਮਲੇ ਵਿੱਚ ਕੁਝ ਨਹੀਂ ਕਰ ਰਹੀਆਂ, ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲੀ ਕਾਰਵਾਈ ਕਰ ਰਹੀਆਂ ਹਨ। ਸਰਕਾਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਿੰਥੈਟਿਕ ਅਤੇ ਹੋਰ ਕਿਸਮ ਦੇ ਨਸ਼ੇ ਖਤਮ ਕਰਨੇ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇ ਸਰਕਾਰ ਨਸ਼ੇ ਦੇ ਵੱਡੇ ਮਗਰਮੱਛਾਂ ਨੂੰ ਨਹੀਂ ਫੜਦੀ ਤਾਂ ਫਿਰ ਲੋਕ ਉਸ &rsquoਤੇ ਯਕੀਨ ਕਿਵੇਂ ਕਰਨ। ਜਿਹੜੀਆਂ ਤਾਕਤਾਂ ਸਿੱਖ ਧਰਮ ਦੇ ਮਾਮਲਿਆਂ ਵਿੱਚ ਦਖਲ ਦੇ ਰਹੀਆਂ, ਅਜਿਹੀਆਂ ਗੁਰੂ ਦੋਖੀ ਅਤੇ ਪੰਥ ਦੋਖੀ ਤਾਕਤਾਂ ਤੋਂ ਸਾਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਸਰਕਾਰ ਨੂੰ ਕਿਹਾ ਹੈ ਕਿ ਜੋ ਮਿੱਥ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰੇ, ਉਸ ਵਿੱਚ ਉਸ ਦੇ ਮੁਖੀ ਨੂੰ ਵੀ ਸ਼ਾਮਲ ਕੀਤਾ ਜਾਵੇ ਅਤੇ ਇਹ ਮੱਦ ਨਵੇਂ ਕਾਨੂੰਨ ਵਿੱਚ ਸ਼ਾਮਲ ਕੀਤੀ ਜਾਵੇ। 2015 ਵਿੱਚ ਹੋਈਆਂ ਬੇਅਦਬੀਆਂ ਦੇ ਦੋਸ਼ੀ ਨੂੰ ਹਾਲੇ ਤੱਕ ਪੰਜਾਬ ਨਹੀਂ ਲਿਆਂਦਾ ਗਿਆ, ਜੋ ਬਾਹਰ ਬੈਠਾ ਹੈ।