ਕੈਨੇਡਾ ਨੇ ਗੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਹੋਰ ਸਖ਼ਤ ਕੀਤੀ ਕਾਰਵਾਈ, ਭਾਰਤੀਆਂ 'ਤੇ ਸਭ ਤੋਂ ਵੱਧ ਅਸਰ

ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਨੂੰ ਲਗਾਤਾਰ ਸਖ਼ਤ ਕਰ ਰਹੀ ਹੈ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਉਨ੍ਹਾਂ ਦੇ ਮੂਲ ਦੇਸ਼ਾਂ ਵਿੱਚ ਵਾਪਸ ਭੇਜਣ ਦੀ ਪ੍ਰਕਿਰਿਆ ਵੀ ਪਹਿਲਾਂ ਨਾਲੋਂ ਤੇਜ਼ ਹੋ ਗਈ ਹੈ। ਇਸ ਕਾਰਵਾਈ ਦਾ ਸਭ ਤੋਂ ਵੱਧ ਪ੍ਰਭਾਵ ਭਾਰਤੀ ਮੂਲ ਦੇ ਲੋਕਾਂ 'ਤੇ ਪੈਣ ਦੀ ਗੱਲ ਸਾਹਮਣੇ ਆ ਰਹੀ ਹੈ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਉਪਲਬਧ ਅੰਕੜਿਆਂ ਅਨੁਸਾਰ, 2021 ਤੋਂ ਬਾਅਦ ਹਰ ਸਾਲ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਹ ਰੁਝਾਨ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਅਤੇ ਹੁਣ ਵੀ ਜਾਰੀ ਹੈ।
ਮੌਜੂਦਾ ਸਾਲ ਦੀ ਪਹਿਲੀ ਤਿਮਾਹੀ ਵਿੱਚ 5,260 ਲੋਕਾਂ ਨੂੰ ਦੇਸ਼ ਤੋਂ ਬਾਹਰ ਭੇਜਿਆ ਗਿਆ। ਇਸ ਤੋਂ ਬਾਅਦ ਦੂਜੀ ਤਿਮਾਹੀ ਵਿੱਚ ਇਹ ਗਿਣਤੀ ਵਧ ਕੇ 9,532 ਹੋ ਗਈ, ਜੋ ਇਹ ਦਰਸਾਉਂਦੀ ਹੈ ਕਿ ਕੈਨੇਡਾ ਗੈਰ-ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰ ਰਿਹਾ ਹੈ। ਜੇਕਰ ਇਹ ਰਫ਼ਤਾਰ ਬਰਕਰਾਰ ਰਹੀ ਤਾਂ 2026 ਵਿੱਚ ਦੇਸ਼ ਨਿਕਾਲਿਆਂ ਦਾ ਨਵਾਂ ਰਿਕਾਰਡ ਬਣ ਸਕਦਾ ਹੈ।
ਇਮੀਗ੍ਰੇਸ਼ਨ ਮਾਹਿਰਾਂ ਦਾ ਮੰਨਣਾ ਹੈ ਕਿ ਸਖ਼ਤ ਨੀਤੀਆਂ ਕਾਰਨ ਅਸਥਾਈ ਵੀਜ਼ਾ ਧਾਰਕਾਂ, ਰੱਦ ਹੋਏ ਸ਼ਰਨਾਰਥੀ ਦਾਅਵੇਦਾਰਾਂ ਅਤੇ ਬਿਨਾਂ ਕਾਨੂੰਨੀ ਦਰਜੇ ਵਾਲੇ ਵਿਦੇਸ਼ੀ ਨਾਗਰਿਕਾਂ ਲਈ ਕੈਨੇਡਾ ਵਿੱਚ ਲੰਬੇ ਸਮੇਂ ਤੱਕ ਰਹਿਣਾ ਪਹਿਲਾਂ ਨਾਲੋਂ ਕਾਫ਼ੀ ਮੁਸ਼ਕਲ ਹੋ ਗਿਆ ਹੈ।