ਮੁੱਖ ਮੰਤਰੀ ਦੀ ਜਲੰਧਰ ਕੋਠੀ ਅੱਗੇ 5 ਅਗਸਤ ਨੂੰ ਕੀਤਾ ਜਾਵੇਗਾ ਰੋਸ ਮੁਜ਼ਾਹਰਾ: ਪੇਂਡੂ ਮਜ਼ਦੂਰ ਯੂਨੀਅਨ

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ 5 ਅਗਸਤ ਨੂੰ ਜਲੰਧਰ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਕੀਤੇ ਜਾਣ ਵਾਲੇ ਮੁਜ਼ਾਹਰੇ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੀ ਮਜ਼ਦੂਰ ਵਿਰੋਧੀ ਸਰਕਾਰ ਸਾਬਤ ਹੋਈ ਹੈ। ਹੁਣ ਤੱਕ ਦੇ ਰਾਜਭਾਗ ਵਿੱਚ ਇਸ ਸਰਕਾਰ ਦੇ ਮੂੰਹੋਂ ਮਜ਼ਦੂਰ ਸ਼ਬਦ ਨਹੀਂ ਨਿਕਲ ਸਕਿਆ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਸਾਂਝੇ ਮੋਰਚੇ ਵੱਲੋਂ ਕੀਤੇ ਗਏ ਸੰਘਰਸ਼ਾਂ ਦੇ ਚਲਦਿਆਂ ਮੁੱਖ ਮੰਤਰੀ ਨੇ 5 ਵਾਰ ਸਮਾਂ ਦੇ ਕੇ ਵੀ ਮੀਟਿੰਗਾਂ ਨਹੀਂ ਕੀਤੀਆਂ।