ਇਟਲੀ ਦੇ ਫੋਰਲੀ ਵਿੱਚ ਦੂਜੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫੌਜੀਆਂ ਨੂੰ ਭਾਵਭਿੰਨੀ ਸ਼ਰਧਾਂਜਲੀ

ਮਿਲਾਨ: ਇਟਲੀ ਦੇ ਫੋਰਲੀ ਸ਼ਹਿਰ ਵਿੱਚ ਦੂਜੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਹੋਏ ਭਾਰਤੀ ਸਿੱਖ ਅਤੇ ਹੋਰ ਫੌਜੀਆਂ ਦੀ ਯਾਦ ਵਿੱਚ 20ਵਾਂ ਸ਼ਰਧਾਂਜਲੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਹ ਸਮਾਗਮ ਵਰਲਡ ਸਿੱਖ ਸ਼ਹੀਦ ਮਿਲਟਰੀ (ਰਜਿ.) ਇਟਲੀ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਇਟਲੀ ਦੇ ਵੱਖ-ਵੱਖ ਸ਼ਹਿਰਾਂ ਤੋਂ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਭਾਰਤੀ ਤੇ ਇਟਾਲੀਅਨ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰੀ।
ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਭੋਗ ਉਪਰੰਤ ਬੱਚਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਫੋਰਲੀ ਸ਼ਹਿਰ ਦੇ ਪ੍ਰਸ਼ਾਸਨ ਵੱਲੋਂ ਅਧਿਕਾਰਕ ਸਮਾਗਮ ਦੀ ਕਾਰਵਾਈ ਸ਼ੁਰੂ ਕੀਤੀ ਗਈ।
ਸਿੱਖ ਫੌਜੀਆਂ ਦੀ ਯਾਦ ਵਿੱਚ ਸਥਾਪਤ ਸਮਾਰਕ 'ਤੇ ਵਰਲਡ ਸਿੱਖ ਸ਼ਹੀਦ ਮਿਲਟਰੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਸਮੇਤ ਸਤਿਨਾਮ ਸਿੰਘ, ਜਸਵੀਰ ਸਿੰਘ ਧਨੋਤਾ, ਇਕਬਾਲ ਸਿੰਘ ਸੋਢੀ, ਕਰਮਜੀਤ ਸਿੰਘ ਬੂਰੇ ਜੱਟਾਂ, ਗੁਰਦੁਆਰਾ ਸਾਹਿਬ ਲੇਨੋ ਦੇ ਮੁੱਖ ਸੇਵਾਦਾਰ, ਇੰਦਰਜੀਤ ਕਾਲਾ ਅਤੇ ਰਵਿੰਦਰ ਸਿੰਘ ਭਾਊ ਨੇ ਫੁੱਲ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਇਸ ਮੌਕੇ ਫੋਰਲੀ ਸ਼ਹਿਰ ਦੇ ਪਾਦਰੀ ਨੇ ਵੀ ਸ਼ਾਂਤੀ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ, ਜਦਕਿ ਗਿਆਨੀ ਬਲਜਿੰਦਰ ਸਿੰਘ ਨੇ ਅਰਦਾਸ ਕਰਦਿਆਂ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸੂਰਬੀਰ ਫੌਜੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਵਿਸ਼ਵ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਵੀ ਸੱਦਾ ਦਿੱਤਾ।