ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਕੱਟ ਰਹੇ ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਵੱਲੋਂ 20 ਦਿਨਾਂ ਦੀ ਪੈਰੋਲ

ਜੋਧਪੁਰ: ਰਾਜਸਥਾਨ ਹਾਈ ਕੋਰਟ ਨੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਆਸਾਰਾਮ ਨੂੰ 20 ਦਿਨਾਂ ਦੀ ਪੈਰੋਲ ਦੇਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਰਾਜ ਸਰਕਾਰ ਪੈਰੋਲ ਅਰਜ਼ੀ ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਯਥੋਚਿਤ ਢੰਗ ਨਾਲ ਸਾਬਤ ਨਹੀਂ ਕਰ ਸਕੀ।
ਕਾਰਜਕਾਰੀ ਚੀਫ਼ ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ ਅਤੇ ਜਸਟਿਸ ਸੰਜੀਤ ਪੁਰੋਹਿਤ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਆਸਾਰਾਮ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ ਅਤੇ ਉਸ ਦੇ ਚਾਲ-ਚਲਣ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ।
ਅਦਾਲਤ ਨੇ ਨੋਟ ਕੀਤਾ ਕਿ ਆਸਾਰਾਮ ਕਰੀਬ 13 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ। ਇਸ ਤੋਂ ਇਲਾਵਾ ਉਸ ਨੂੰ ਪਹਿਲਾਂ ਵੀ ਅੰਤਰਿਮ ਰਾਹਤ ਮਿਲਦੀ ਰਹੀ ਹੈ ਅਤੇ ਉਨ੍ਹਾਂ ਮੌਕਿਆਂ ਦੌਰਾਨ ਉਸ ਵੱਲੋਂ ਕਿਸੇ ਵੀ ਸ਼ਰਤ ਦੀ ਉਲੰਘਣਾ ਕਰਨ, ਕਾਨੂੰਨੀ ਪ੍ਰਕਿਰਿਆ ਤੋਂ ਬਚਣ, ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਦਾ ਕੋਈ ਰਿਕਾਰਡ ਸਾਹਮਣੇ ਨਹੀਂ ਆਇਆ।
ਇਨ੍ਹਾਂ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਹਾਈ ਕੋਰਟ ਨੇ ਆਸਾਰਾਮ ਨੂੰ 20 ਦਿਨਾਂ ਦੀ ਪੈਰੋਲ ਮਨਜ਼ੂਰ ਕਰ ਦਿੱਤੀ। ਹਾਲਾਂਕਿ, ਪੈਰੋਲ ਦੀ ਮਿਆਦ ਦੌਰਾਨ ਉਸ ਨੂੰ ਅਦਾਲਤ ਅਤੇ ਸੰਬੰਧਿਤ ਅਧਿਕਾਰੀਆਂ ਵੱਲੋਂ ਨਿਰਧਾਰਤ ਕੀਤੀਆਂ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ।
ਜ਼ਿਕਰਯੋਗ ਹੈ ਕਿ ਆਸਾਰਾਮ ਨੂੰ ਸਾਲ 2013 ਦੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਇਸ ਸਮੇਂ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।