ਯੂਐਨ ਨੇ ਕੈਨੇਡਾ ਨੂੰ ਸਿੱਖ ਆਗੂ ਦੀ ਸੁਰੱਖਿਆ ਮਜ਼ਬੂਤ ਕਰਨ ਅਤੇ ਧਮਕੀਆਂ ਦੀ ਜਾਂਚ ਤੇਜ਼ ਕਰਨ ਲਈ ਕਿਹਾ

ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਾਹਿਰਾਂ ਨੇ ਕੈਨੇਡਾ ਸਰਕਾਰ ਨੂੰ ਸਿੱਖ ਆਗੂ ਮੋਨਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਮਾਹਿਰਾਂ ਨੇ ਕਿਹਾ ਹੈ ਕਿ ਜੇ ਕਿਸੇ ਵਿਅਕਤੀ ਨੂੰ ਜਾਨ ਨੂੰ ਖ਼ਤਰਾ ਹੋਣ ਦੀਆਂ ਭਰੋਸੇਯੋਗ ਜਾਣਕਾਰੀਆਂ ਮਿਲਦੀਆਂ ਹਨ ਤਾਂ ਉਸ ਦੀ ਸੁਰੱਖਿਆ ਅਤੇ ਨਿਰਪੱਖ ਜਾਂਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਜਾਣਕਾਰੀ ਅਨੁਸਾਰ, ਯੂਐਨ ਦੇ ਵਿਸ਼ੇਸ਼ ਮਾਹਿਰਾਂ ਵੱਲੋਂ ਕੈਨੇਡਾ ਸਰਕਾਰ ਨੂੰ ਭੇਜੇ ਗਏ ਇੱਕ ਪੱਤਰ ਵਿੱਚ ਸਰਹੱਦ ਪਾਰ ਮਿਲ ਰਹੀਆਂ ਕਥਿਤ ਧਮਕੀਆਂ ਅਤੇ ਸੰਭਾਵਿਤ ਬਦਲੇ ਦੀਆਂ ਕਾਰਵਾਈਆਂ ਬਾਰੇ ਚਿੰਤਾ ਪ੍ਰਗਟ ਕੀਤੀ ਗਈ ਹੈ। ਪੱਤਰ ਵਿੱਚ ਅਜਿਹੇ ਦੋਸ਼ਾਂ ਦੀ ਤੁਰੰਤ ਅਤੇ ਪ੍ਰਭਾਵਸ਼ਾਲੀ ਜਾਂਚ ਕਰਨ, ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੀ ਗੱਲ ਵੀ ਕਹੀ ਗਈ ਹੈ।
ਮੋਨਿੰਦਰ ਸਿੰਘ ਨੇ ਇਸ ਸਾਲ ਜਿਨੀਵਾ ਵਿੱਚ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖ ਕਾਰਕੁਨਾਂ ਨੂੰ ਮਿਲ ਰਹੀਆਂ ਕਥਿਤ ਧਮਕੀਆਂ ਦਾ ਮੁੱਦਾ ਉਠਾਇਆ ਸੀ ਅਤੇ ਇਸ ਸਬੰਧੀ ਅੰਤਰਰਾਸ਼ਟਰੀ ਧਿਆਨ ਦੀ ਮੰਗ ਕੀਤੀ ਸੀ।
ਦੂਜੇ ਪਾਸੇ, ਭਾਰਤ ਸਰਕਾਰ ਪਹਿਲਾਂ ਵੀ ਵਿਦੇਸ਼ਾਂ ਵਿੱਚ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਨੂੰ ਰੱਦ ਕਰਦੀ ਆਈ ਹੈ। ਇਸ ਮੁੱਦੇ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਿਕ ਸਬੰਧ ਪਿਛਲੇ ਕੁਝ ਸਮੇਂ ਤੋਂ ਚਰਚਾ ਅਤੇ ਤਣਾਅ ਦਾ ਵਿਸ਼ਾ ਬਣੇ ਹੋਏ ਹਨ।