ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਪਾਰਲੇ ਅੱਤਵਾਦੀ ਨੈੱਟਵਰਕ ਨਾਲ ਜੁੜੇ 9 ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਦੋ ਕਥਿਤ ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਚਾਰ ਨਾਬਾਲਗਾਂ ਸਮੇਤ ਕੁੱਲ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਤਿੰਨ ਗੈਰ-ਕਾਨੂੰਨੀ ਪਿਸਤੌਲ, ਨੌਂ ਜ਼ਿੰਦਾ ਕਾਰਤੂਸ, ਚਾਰ ਪੈਟਰੋਲ ਬੰਬ ਅਤੇ ਇੱਕ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਇਹ ਮੋਟਰਸਾਈਕਲ ਕਥਿਤ ਤੌਰ 'ਤੇ ਅਪਰਾਧਿਕ ਗਤੀਵਿਧੀਆਂ ਲਈ ਵਰਤਿਆ ਜਾ ਰਿਹਾ ਸੀ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਨੌਜਵਾਨ ਸ਼ਾਮਲ ਹਨ, ਜਦਕਿ ਚਾਰ ਨਾਬਾਲਗਾਂ ਨੂੰ ਵੀ ਇਸ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀਆਂ ਦਾ ਦਾਅਵਾ ਹੈ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਕਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ।

ਜਾਂਚ ਦੌਰਾਨ ਇਹ ਵੀ ਪਤਾ ਲੱਗਣ ਦਾ ਦਾਅਵਾ ਕੀਤਾ ਗਿਆ ਹੈ ਕਿ ਰੇਲਵੇ ਟਰੈਕਾਂ ਦੇ ਆਲੇ-ਦੁਆਲੇ ਨਿਗਰਾਨੀ ਲਈ ਕੈਮਰੇ ਲਗਾਏ ਗਏ ਸਨ ਅਤੇ ਉਨ੍ਹਾਂ ਦੀ ਫੁਟੇਜ ਵਿਦੇਸ਼ੀ ਸੰਪਰਕਾਂ ਤੱਕ ਭੇਜੀ ਜਾ ਰਹੀ ਸੀ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ, ਇਸ ਦੀ ਵਿੱਤੀ ਸਹਾਇਤਾ ਕਿੱਥੋਂ ਹੋ ਰਹੀ ਸੀ ਅਤੇ ਇਸ ਦੇ ਪਿੱਛੇ ਕਿਹੜੇ ਸੰਪਰਕ ਸਰਗਰਮ ਸਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਰਵਾਈ ਦੌਰਾਨ ਪਹਿਲਾਂ ਇੱਕ ਮੁਲਜ਼ਮ ਅਤੇ ਉਸ ਦੇ ਨਾਬਾਲਗ ਸਾਥੀ ਨੂੰ ਕਾਬੂ ਕਰਕੇ ਇੱਕ ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਅੱਗੇ ਛਾਪੇਮਾਰੀ ਕਰਕੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ 'ਤੇ ਕਥਿਤ ਤੌਰ 'ਤੇ ਹਥਿਆਰ ਸਪਲਾਈ ਕਰਨ ਦਾ ਦੋਸ਼ ਹੈ।

ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ।