ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ: ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਸਮੇਤ ਲੋਕ-ਹਿੱਤ ਦੇ ਕਈ ਐਲਾਨ

ਚੰਡੀਗੜ੍ਹ,  : ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਲੋਕ-ਹਿੱਤ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਵਿੱਚ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਬਿਜਲੀ ਬਿੱਲਾਂ ਤੋਂ ਰਾਹਤ ਦੇਣ ਦਾ ਫ਼ੈਸਲਾ ਵੀ ਸ਼ਾਮਲ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਯੋਗ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਗਊਸ਼ਾਲਾਵਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਕੈਬਨਿਟ ਨੇ ਸਿੱਖਿਆ ਖੇਤਰ ਨਾਲ ਜੁੜੇ ਇੱਕ ਮਹੱਤਵਪੂਰਨ ਕਦਮ ਤਹਿਤ ਫੀਸ ਰੈਗੂਲੇਸ਼ਨ ਸੋਧ ਬਿੱਲ-2026 ਨੂੰ ਵੀ ਮਨਜ਼ੂਰੀ ਦਿੱਤੀ, ਜਿਸ ਦਾ ਉਦੇਸ਼ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾਣ ਵਾਲੇ ਗੈਰ-ਵਾਜਬ ਵਾਧੇ 'ਤੇ ਨਿਯੰਤਰਣ ਕਰਨਾ ਹੈ।
ਇਸ ਤੋਂ ਇਲਾਵਾ ਪੰਜ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਲਗਾਤਾਰ ਸੇਵਾਵਾਂ ਨਿਭਾ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਸਬੰਧੀ ਫ਼ੈਸਲਾ ਵੀ ਕੀਤਾ ਗਿਆ। ਵਾਤਾਵਰਨ ਦੀ ਸੰਭਾਲ ਲਈ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ-2026 ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਉੱਚ ਸਿੱਖਿਆ ਨੂੰ ਹੋਰ ਆਧੁਨਿਕ ਬਣਾਉਣ ਲਈ ਤਿੰਨ ਨਵੀਆਂ ਡਿਜ਼ੀਟਲ ਓਪਨ ਯੂਨੀਵਰਸਿਟੀਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਕੈਬਨਿਟ ਨੇ ਅੰਮ੍ਰਿਤਸਰ ਵਿੱਚ ਨਵੇਂ ਤਰਸਿੱਕਾ ਬਲਾਕ ਦੀ ਸਥਾਪਨਾ, ਲੋਕ ਨਿਰਮਾਣ ਵਿਭਾਗ (PWD) ਵਿੱਚ ਨਵੀਆਂ ਭਰਤੀਆਂ, ਵੈਟਰਨਰੀ ਕਰਮਚਾਰੀਆਂ ਦੇ ਕਾਰਜਕਾਲ ਵਿੱਚ ਵਾਧਾ ਅਤੇ GST ਪ੍ਰਬੰਧਨ ਤੇ ਪੰਚਾਇਤੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਨਾਲ ਸਬੰਧਤ ਪ੍ਰਸਤਾਵਾਂ ਨੂੰ ਵੀ ਹਰੀ ਝੰਡੀ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਲੋਕਾਂ ਦੀ ਭਲਾਈ, ਬਿਹਤਰ ਪ੍ਰਸ਼ਾਸਨ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਫ਼ੈਸਲੇ ਲਏ ਜਾ ਰਹੇ ਹਨ।