ਮੋਗਾ ਵਿੱਚ ਕਾਂਗਰਸ ਦੀ ਸੰਗਠਨਾਤਮਕ ਮੀਟਿੰਗ, ਭੂਪੇਸ਼ ਬਘੇਲ ਨੇ ਏਕਤਾ ਅਤੇ ਬੂਥ ਮਜ਼ਬੂਤੀ 'ਤੇ ਦਿੱਤਾ ਜ਼ੋਰ

ਮੋਗਾ, : ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਮੋਗਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਪਸੀ ਏਕਤਾ ਕਾਇਮ ਰੱਖਣ ਦੀ ਅਪੀਲ ਕੀਤੀ।
ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਕਰਵਾਈ ਗਈ ਇਸ ਮੀਟਿੰਗ ਦੌਰਾਨ ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਇੱਕ ਅਨੁਸ਼ਾਸਿਤ ਪਾਰਟੀ ਹੈ ਅਤੇ ਹਰ ਆਗੂ ਤੇ ਵਰਕਰ ਨੂੰ ਪਾਰਟੀ ਦੇ ਸਿਧਾਂਤਾਂ ਅਤੇ ਅਨੁਸ਼ਾਸਨ ਅਨੁਸਾਰ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ 'ਤੇ ਕੋਈ ਮਤਭੇਦ ਜਾਂ ਨਾਰਾਜ਼ਗੀ ਹੈ ਤਾਂ ਉਸ ਨੂੰ ਗੱਲਬਾਤ ਰਾਹੀਂ ਦੂਰ ਕਰਕੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਉਹ ਪਾਰਟੀ ਹਾਈਕਮਾਨ ਦਾ ਸੰਦੇਸ਼ ਲੈ ਕੇ ਪੰਜਾਬ ਦੇ ਵੱਖ-ਵੱਖ ਹਲਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰ ਰਹੇ ਹਨ। ਉਨ੍ਹਾਂ ਮੁਤਾਬਕ ਜ਼ਮੀਨੀ ਪੱਧਰ 'ਤੇ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹਰ ਬੂਥ ਨੂੰ ਮਜ਼ਬੂਤ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਕਿਹਾ ਕਿ ਸੂਬਾ ਇਕਾਈ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪਾਰਟੀ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਿਆਰੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੀ ਰਹੇਗੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਰਕਰਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ।
ਮੀਟਿੰਗ ਵਿੱਚ ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਵੀ ਹਾਜ਼ਰੀ ਭਰੀ ਅਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ 'ਤੇ ਵਿਚਾਰ-ਵਟਾਂਦਰਾ ਕੀਤਾ।