ਬੰਦੀ ਸਿੰਘਾਂ ਦੇ ਮਸਲੇ 'ਤੇ ਰਾਜਪਾਲ ਨਾਲ ਕੌਮੀ ਇਨਸਾਫ਼ ਮੋਰਚੇ ਦੀ ਮੀਟਿੰਗ, ਪੈਰੋਲ ਤੇ ਰਿਹਾਈ ਸਬੰਧੀ ਮੰਗਾਂ ਉਠਾਈਆਂ

ਚੰਡੀਗੜ੍ਹ,  ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਦੇ ਮੁੱਦੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਰੱਖੀਆਂ। ਇਹ ਮੀਟਿੰਗ ਉਸ ਵੇਲੇ ਹੋਈ ਜਦੋਂ ਮੋਰਚੇ ਵੱਲੋਂ 15 ਅਗਸਤ ਨੂੰ ਰਾਜਪਾਲ ਭਵਨ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ।
ਮੀਟਿੰਗ ਦੌਰਾਨ ਮੋਰਚੇ ਦੀ ਨੁਮਾਇੰਦਗੀ ਕਰ ਰਹੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੇ ਬੰਦੀ ਸਿੰਘਾਂ ਨਾਲ ਜੁੜੇ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਬਾਰੇ ਆਪਣਾ ਪੱਖ ਰੱਖਿਆ। ਉਨ੍ਹਾਂ ਦਲੀਲ ਦਿੱਤੀ ਕਿ ਲੰਬੇ ਸਮੇਂ ਤੋਂ ਸਜ਼ਾ ਕੱਟ ਚੁੱਕੇ ਕੈਦੀਆਂ ਦੇ ਮਾਮਲਿਆਂ ਵਿੱਚ ਕਾਨੂੰਨੀ ਪ੍ਰਕਿਰਿਆ ਅਤੇ ਮਨੁੱਖੀ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
ਮੀਟਿੰਗ ਤੋਂ ਬਾਅਦ ਮੋਰਚੇ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਰਾਜਪਾਲ ਨੇ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ ਅਤੇ ਪਰਮਜੀਤ ਸਿੰਘ ਭਿਓਰਾ ਦੀ ਪੈਰੋਲ ਸਬੰਧੀ ਉਠਾਏ ਗਏ ਮੁੱਦਿਆਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਸੰਬੰਧਿਤ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।
ਮੋਰਚੇ ਵੱਲੋਂ ਹੋਰ ਬੰਦੀ ਸਿੰਘਾਂ ਦੀ ਰਿਹਾਈ, ਜ਼ਮਾਨਤ ਅਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਦੀ ਮੰਗ ਵੀ ਰੱਖੀ ਗਈ। ਇਸ ਦੇ ਨਾਲ ਹੀ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਦੀ ਮੰਗ ਵੀ ਕੀਤੀ ਗਈ।