ਮਨਪ੍ਰੀਤ ਸਿੰਘ ਇਆਲੀ ਨੇ ਸੋਸ਼ਲ ਮੀਡੀਆ ਪ੍ਰਚਾਰ 'ਤੇ ਚੁੱਕੇ ਸਵਾਲ, ਗੋਲੀਬਾਰੀ ਮਾਮਲੇ ਨੂੰ ਨਾ ਜੋੜਨ ਦੀ ਕੀਤੀ ਅਪੀਲ

ਚੰਡੀਗੜ੍ਹ,  : ਅਜਨਾਲਾ ਥਾਣਾ ਮਾਮਲੇ ਨਾਲ ਜੁੜੇ ਗਵਾਹ ਵਰਿੰਦਰ ਸਿੰਘ ਮਾਵੀ 'ਤੇ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਚਰਚਾਵਾਂ ਅਤੇ ਦਾਅਵਿਆਂ 'ਤੇ ਪ੍ਰਤੀਕਿਰਿਆ ਦਿੱਤੀ ਹੈ।
ਇਆਲੀ ਨੇ ਕਿਹਾ ਕਿ ਕੁਝ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇਸ ਘਟਨਾ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਜੋ ਉਨ੍ਹਾਂ ਦੇ ਅਨੁਸਾਰ ਇੱਕ ਸੋਚੀ-ਸਮਝੀ ਸਿਆਸੀ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰਾਂ ਦੇ ਆਈਟੀ ਸੈੱਲ ਚੋਣਾਂ ਦੇ ਮੱਦੇਨਜ਼ਰ ਅਜਿਹਾ ਪ੍ਰਚਾਰ ਕਰ ਰਹੇ ਹਨ ਤਾਂ ਜੋ ਅੰਮ੍ਰਿਤਪਾਲ ਸਿੰਘ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ।
ਵਿਧਾਇਕ ਨੇ ਇਹ ਵੀ ਕਿਹਾ ਕਿ ਰੂਪਨਗਰ ਪੁਲਿਸ ਦੇ ਸੀਨੀਅਰ ਅਧਿਕਾਰੀ ਪਹਿਲਾਂ ਹੀ ਆਪਣੇ ਮੁੱਢਲੇ ਬਿਆਨ ਵਿੱਚ ਇਸ ਘਟਨਾ ਨੂੰ ਰੋਡ ਰੇਜ ਨਾਲ ਜੁੜਿਆ ਮਾਮਲਾ ਦੱਸ ਚੁੱਕੇ ਹਨ। ਉਨ੍ਹਾਂ ਅਪੀਲ ਕੀਤੀ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਕਿਸੇ ਵੀ ਘਟਨਾ ਨੂੰ ਸਿਆਸੀ ਰੰਗ ਨਾ ਦਿੱਤਾ ਜਾਵੇ।
ਇਆਲੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਅਪੁਸ਼ਟ ਜਾਣਕਾਰੀਆਂ ਅਤੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਜਾਂਚ ਏਜੰਸੀਆਂ ਨੂੰ ਨਿਰਪੱਖ ਢੰਗ ਨਾਲ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ।