ਲਾਲ ਸਾਗਰ ਵਿੱਚ ਭਾਰਤੀ ਮਾਲਵਾਹਕ ਜਹਾਜ਼ 'ਤੇ ਹਮਲਾ, ਸਾਰੇ 13 ਭਾਰਤੀ ਮਲਾਹ ਸੁਰੱਖਿਅਤ ਬਚਾਏ ਗਏ

ਨਵੀਂ ਦਿੱਲੀ, : ਯਮਨ ਦੇ ਤਟ ਨੇੜੇ ਲਾਲ ਸਾਗਰ ਵਿੱਚ ਭਾਰਤੀ ਝੰਡੇ ਵਾਲੇ ਇੱਕ ਮਾਲਵਾਹਕ ਜਹਾਜ਼ 'ਤੇ ਹਮਲੇ ਤੋਂ ਬਾਅਦ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ। ਭਾਰਤੀ ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਜਹਾਜ਼ 'ਤੇ ਸਵਾਰ ਸਾਰੇ 13 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।
ਵਿਦੇਸ਼ ਮੰਤਰਾਲੇ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਸਮੁੰਦਰੀ ਰਸਤਿਆਂ 'ਤੇ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਘਟਨਾਵਾਂ ਚਿੰਤਾਜਨਕ ਹਨ ਅਤੇ ਇਨ੍ਹਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
ਮੰਤਰਾਲੇ ਅਨੁਸਾਰ, ਭਾਰਤੀ ਦੂਤਾਵਾਸ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਚਾਏ ਗਏ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ।
ਭਾਰਤ ਸਰਕਾਰ ਨੇ ਬਚਾਅ ਕਾਰਵਾਈ ਵਿੱਚ ਸਹਿਯੋਗ ਦੇਣ ਲਈ ਯਮਨ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਪ੍ਰਗਟਾਇਆ ਹੈ। ਨਾਲ ਹੀ, ਖੇਤਰ ਵਿੱਚ ਵਪਾਰਕ ਜਹਾਜ਼ਾਂ ਦੀ ਸੁਰੱਖਿਅਤ ਆਵਾਜਾਈ ਨੂੰ ਬਹਾਲ ਕਰਨ ਅਤੇ ਸਮੁੰਦਰੀ ਮਾਰਗਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ ਹੈ।
ਇਸ ਘਟਨਾ ਨੇ ਇੱਕ ਵਾਰ ਫਿਰ ਲਾਲ ਸਾਗਰ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਅਤੇ ਅੰਤਰਰਾਸ਼ਟਰੀ ਵਪਾਰਕ ਆਵਾਜਾਈ ਨੂੰ ਲੈ ਕੇ ਚਿੰਤਾਵਾਂ ਨੂੰ ਵਧਾ ਦਿੱਤਾ ਹੈ।