ਰੂਸ ਵਿੱਚ ਫਸੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਕੋਲ ਦਖ਼ਲ ਦੀ ਮੰਗ

ਸੁਲਤਾਨਪੁਰ ਲੋਧੀ: ਰੂਸ-ਯੂਕਰੇਨ ਸੰਘਰਸ਼ ਦੇ ਦਰਮਿਆਨ ਰੂਸ ਵਿੱਚ ਫਸੇ, ਲਾਪਤਾ ਅਤੇ ਪ੍ਰਭਾਵਿਤ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਕੋਲ ਤੁਰੰਤ ਕੂਟਨੀਤਿਕ ਦਖ਼ਲ ਦੀ ਮੰਗ ਕੀਤੀ ਹੈ।
ਸੰਤ ਸੀਚੇਵਾਲ ਨੇ ਇੱਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਰੂਸ ਵਿੱਚ ਫਸੇ ਭਾਰਤੀ ਨੌਜਵਾਨਾਂ ਨੂੰ ਵਾਪਸ ਲਿਆਉਣ, ਲਾਪਤਾ ਵਿਅਕਤੀਆਂ ਦਾ ਪਤਾ ਲਗਾਉਣ ਅਤੇ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਮੁਆਵਜ਼ਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਵੇਲੇ ਉਨ੍ਹਾਂ ਕੋਲ ਕਰੀਬ 10 ਪ੍ਰਭਾਵਿਤ aਨੌਜਵਾਨਾਂ ਨਾਲ ਸੰਬੰਧਿਤ ਮਾਮਲੇ ਹਨ। ਇਨ੍ਹਾਂ ਵਿੱਚ ਕੁਝ ਨੌਜਵਾਨ ਹਿਰਾਸਤ ਵਿੱਚ ਹਨ, ਕੁਝ ਜੰਗ ਦੌਰਾਨ ਜ਼ਖ਼ਮੀ ਹੋਏ ਹਨ, ਜਦਕਿ ਕੁਝ ਲੰਬੇ ਸਮੇਂ ਤੋਂ ਲਾਪਤਾ ਦੱਸੇ ਜਾ ਰਹੇ ਹਨ। ਇੱਕ ਨੌਜਵਾਨ ਦੀ ਮੌਤ ਹੋਣ ਦੇ ਬਾਵਜੂਦ ਉਸ ਦੀ ਦੇਹ ਅਜੇ ਤੱਕ ਭਾਰਤ ਨਹੀਂ ਪਹੁੰਚ ਸਕੀ।
ਸੰਤ ਸੀਚੇਵਾਲ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਕੇਂਦਰ ਸਰਕਾਰ ਨੂੰ ਰੂਸੀ ਅਧਿਕਾਰੀਆਂ ਨਾਲ ਉੱਚ ਪੱਧਰੀ ਗੱਲਬਾਤ ਕਰਕੇ ਪ੍ਰਭਾਵਿਤ ਪਰਿਵਾਰਾਂ ਨੂੰ ਜਲਦ ਰਾਹਤ ਦਿਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਵਿਦੇਸ਼ਾਂ ਵਿੱਚ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।